ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਜੱਚਾ-ਬੱਚਾ ਨੂੰ ਚੰਗੀਆਂ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੀ ਮੁਢਲੀ ਜਿੰਮੇਵਾਰੀ ਹੈ ਇਸ ਲਈ ਜਿਲੇ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਉੱਪਰ ਇਹ ਸਹੂਲਤਾਂ ਉਪਲਬਧ ਕਰਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਵਿਚ ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਚੈਕਿੰਗ ਕਰਦਿਆਂ ਕੀਤਾ। ਇਸ ਚੈਕਿੰਗ ਦੌਰਾਨ ਉਹਨਾ ਮੌਕੇ ਤੇ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਨੂੰ ਨਾਲ ਲੈ ਕੇ ਲੇਬਰ ਰੂਮ, ਅਪ੍ਰੇਸ਼ਨ ਥੀਏਟਰ, ਜੱਚਾ-ਬੱਚਾ ਵਾਰਡ , ਬੱਚਿਆਂ ਦਾ ਵਾਰਡ ਅਤੇ ਜੱਚਾ-ਬੱਚਾ ਓਪੀਡੀ ਆਦਿ ਦੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ।ਸਿਵਲ ਸਰਜਨ ਨੇ ਵਾਰਡ ਵਿੱਚ ਦਾਖਲ ਗਰਭਵਤੀ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ । ਉਹਨਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਹਨਾਂ ਮੌਕੇ ਤੇ ਹਾਜ਼ਰ ਸਮੂਹ ਸਟਾਫ ਨੂੰ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਤਨਦੇਹੀ ਨਾਲ ਕਰਨ ਅਤੇ ਉਹਨਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਨੀਰੂ ਸਿਆਲ, ਨਰਸਿੰਗ ਸਿਸਟਰ ਪਰਮਿੰਦਰ ਕੌਰ, ਸਟਾਫ ਨਰਸ, ਫਾਰਮੇਸੀ ਅਫਸਰ ਜਗਜੀਤ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ।