ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ, ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਚਾਰ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਬਟਾਲਾ ਅਤੇ ਰੂਪਨਗਰ ਵਿੱਚ ਕੰਪਨੀ ਦੀ ਸ਼ਲਾਘਾਯੋਗ ਕਾਰਜਾਂ ਲਈ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਚਾਰ ਜ਼ਿਲ੍ਹਿਆਂ ਵਿੱਚ 17 ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ) ਰਜਿਸਟਰ ਕੀਤੀਆਂ ਹਨ ਅਤੇ 10000 ਮਹਿਲਾ ਲਾਭਪਾਤਰੀ, ਜੋ ਇਨ੍ਹਾਂ ਕੰਪਨੀਆਂ ਦੀਆਂ ਮੈਂਬਰ ਹਨ, ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਲਾਭ ਮਿਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਕਿਸਾਨ ਉਤਪਾਦਕ ਕੰਪਨੀਆਂ ਦੀ ਔਸਤ ਆਮਦਨ 45 ਲੱਖ ਰੁਪਏ ਹੈ ਅਤੇ ਕੰਪਨੀ ਦੇ ਦਖ਼ਲ ਤੋਂ ਬਾਅਦ ਵੱਖ-ਵੱਖ ਪਹਿਲਕਦਮੀਆਂ ਰਾਹੀਂ ਔਰਤਾਂ ਅਤੇ ਪਰਿਵਾਰਾਂ ਦੀ ਆਮਦਨ ਵਿੱਚ ਔਸਤਨ 40 ਫੀਸਦੀ ਦਾ ਵਾਧਾ ਹੋਇਆ ਹੈ।