ਮੌਸਮੀ ਫਲ ਤੇ ਸਬਜ਼ੀਆਂ - ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ: ਡਾ. ਦਵਿੰਦਰਜੀਤ ਕੌਰ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ (ਸ੍ਰੀ ਫ਼ਤਹਿਗੜ੍ਹ ਸਾਹਿਬ) : ਸੂਬੇ ਅੰਦਰ ਇਸ ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ,ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ।ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ,ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ। ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੋਲੀਏ ,ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ,ਬਾਹਰਲੇ ਅਤੇ ਬਾਸੀ ਖਾਣੇ ਤੋਂ ਪਰਹੇਜ਼ ਕੀਤਾ ਜਾਵੇ।ਉਹਨਾਂ ਕਿਹਾ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿੱਚ ਮੁਸ਼ਕਿਲ, ਝਿੜਚਿੜਾਪਣ,ਅਟੈਕਸੀਆ, ਜੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਗਰਮ ਲਾਲ ਅਤੇ ਖੁਸਕ ਚਮੜੀ ਦਾ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣ, ਬਹੁਤ ਤੇਜ਼ ਸਿਰ ਦਰਦ ,ਚੱਕਰ ,ਬੇਹੋਸ਼ੀ ਅਤੇ ਮਾਸਪੇਸ਼ੀਆਂ ਦੀ ਕਮਜ਼ੋਰੀ , ਕੜਵਲ ਪੈਣੇ ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰ ਦੀ ਸਲਾਹ ਲਓ।