Friday, May 10, 2024  

ਕੌਮੀ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

April 27, 2024

ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

ਏਜੰਸੀਆਂ
ਮੁੰਬਈ/27 ਅਪ੍ਰੈਲ : ਮੁੰਬਈ ਦੇ ਬਾਂਦਰਾ ਇਲਾਕੇ ’ਚ 14 ਅਪ੍ਰੈਲ ਨੂੰ ਮੌਜੂਦ ਗੈਲੇਕਸੀ ਅਪਾਰਟਮੈਂਟ ’ਚ ਬਾਲੀਵੁੱਡ ਅਦਾਕਾਰ ਸਲਮਾਨ ਦੇ ਘਰ ਬਾਹਰ ਗੋਲ਼ੀਬਾਰੀ ਕਰਨ ਦੇ ਸਾਰੇ ਦੋਸ਼ੀਆਂ ’ਤੇ ਮੁੰਬਈ ਪੁਲਿਸ ਨੇ ਮਕੋਕਾ ਐਕਟ ਲਗਾ ਦਿੱਤਾ ਹੈ। ਇਸ ਮਾਮਲੇ ’ਚ ਬਿਸ਼ਨੋਈ ਗੈਂਗ ਦੇ 2 ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਪੁਲਿਸ ਦੀ ਗ੍ਰਿਫ਼ਤ ’ਚ ਹਨ। ਉਨ੍ਹਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਮੋਸਟ ਵਾਂਟੇਡ ਐਲਾਨ ਕੀਤਾ ਹੈ।
ਸੂਤਰਾਂ ਮੁਤਾਬਕ ਮੁੰਬਈ ਪੁਲਿਸ ਗੁਜਰਾਤ ਦੀ ਸਾਬਰਮਤੀ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਪਣੀ ਹਿਰਾਸਤ ’ਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਰੈਂਸ ਦੇ ਛੋਟੇ ਭਰਾ ਅਨਮੋਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਨਮੋਲ ਇਸ ਸਮੇਂ ਅਮਰੀਕਾ ਵਿਚ ਬੈਠਾ ਹੈ। ਉਥੋਂ ਉਹ ਭਾਰਤ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਿਹਾ ਹੈ। ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
ਮਹਾਰਾਸ਼ਟਰ ਸਰਕਾਰ ਨੇ ਸਾਲ 1999 ਵਿਚ ਮਕੋਕਾ ਐਕਟ ਬਣਾਇਆ ਸੀ। ਇਸ ਨੂੰ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ ਕਿਹਾ ਜਾਂਦਾ ਹੈ। ਇਸ ਦਾ ਉਦੇਸ਼ ਸੰਗਠਿਤ ਅਤੇ ਅੰਡਰਵਰਲਡ ਅਪਰਾਧ ਨੂੰ ਖ਼ਤਮ ਕਰਨਾ ਹੈ। ਇਹ ਕਾਨੂੰਨ ਮਹਾਰਾਸ਼ਟਰ ਅਤੇ ਦਿੱਲੀ ਵਿਚ ਲਾਗੂ ਹੈ। ਮਕੋਕਾ ਦੀ ਸੱਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਜੇਕਰ ਇਸ ਦੇ ਤਹਿਤ ਕਿਸੇ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਉਸ ਨੂੰ ਜਾਂਚ ਪੂਰੀ ਹੋਣ ਤਕ ਜ਼ਮਾਨਤ ਨਹੀਂ ਮਿਲ ਸਕਦੀ। ਮਕੋਕਾ ਦੀ ਤਰਜ਼ ’ਤੇ ਉੱਤਰ ਪ੍ਰਦੇਸ਼ ਵਿਚ ਯੂਪੀਕੋਕਾ ਬਣਾਇਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ