ਲੂ ਲੱਗਣਾ ਗਰਮੀ ਦੇ ਮੌਸਮ ਦਾ ਰੋਗ ਅਤੇ ਵੱਡੀ ਸਮੱਸਿਆ ਹੈ। ਸੂਰਜ ਦੀ ਤਪਸ਼ ਅੱਗ ਵਰਾਉਂਦੀ ਪਈ ਹੈ ਤੇ ਛੋਟੇ ਬੱਚੇ, ਬਜ਼ੁਰਗ, ਕਮਜ਼ੋਰ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਰੋਗ ਤੋਂ ਪੀੜਤ ਵਿਅਕਤੀ ਲੂ ਦੀ ਲਪੇਟ ਵਿਚ ਛੇਤੀ ਆ ਜਾਂਦੇ ਹਨ। ਸੜਕਾਂ ’ਤੇ ਰੇੜੀ, ਰਿਕਸ਼ਾ-ਟਾਂਗਾ ਚਾਲਕ, ਦਿਹਾੜੀਦਾਰ-ਮਜ਼ਦੂਰ, ਕਾਮੇ, ਯਾਤਰੀ ਅਤੇ ਭਿਖਾਰੀ ਆਦਿ ਵੀ ਸੂਰਜ ਦੀਆਂ ਗਰਮ ਹਵਾਵਾਂ ਦੇ ਚਲਦਿਆਂ ਲੂ ਦਾ ਸ਼ਿਕਾਰ ਹੋਣ ਕਾਰਨ ਬੇਹੋਸ਼ ਹੋ ਕਿ ਡਿੱਗ ਪੈਂਦੇ ਹਨ। ਸੂਰਜ ਦੀ ਗਰਮੀ ਸਾਡੀ ਊਰਜਾ ਨੂੰ ਪੂਰੀ ਤਰਾਂ ਖ਼ਤਮ ਕਰ ਸਕਦੀ ਹੈ। ਪਸੀਨੇ ਰਾਹੀਂ ਸਰੀਰ ਵਿੱਚੋਂ ਕਾਫੀ ਪਾਣੀ ਬਾਹਰ ਨਿਕਲ ਜਾਂਦਾ ਹੈ।
ਪਾਣੀ ਦੀ ਕਮੀ ਪੂਰਾ ਕਰਨ ਲਈ ਜੇ ਪਾਣੀ ਅਤੇ ਪੀਣ ਵਾਲੇ ਤਰਲ ਮੌਕੇ ’ਤੇ ਨਾ ਮਿਲਦੇ ਹੋਣ ਜਾਂ ਕੰਮ ਦੇ ਰੁਝੇਵੇਂ ਵਿਚ ਪਿਆਸ ਦਾ ਖਿਆਲ ਹੀ ਨਾ ਕੀਤਾ ਜਾਵੇ ਤਾਂ ਪਾਣੀ ਦੀ ਘਾਟ-ਡੀਹਾਈਡ੍ਰੇਸ਼ਨ ਹੋ ਜਾਂਦੀ ਹੈ ਤੇ ਬੰਦੇ ਨੂੰ ਲੂ ਲੱਗਣ ਦਾ ਖਦਸ਼ਾ ਵਧ ਜਾਂਦਾ ਹੈ। ਇਸ ਨਾਲ ਮੌਤ ਵੀ ਹੋ ਸਕਦੀ ਹੈ। ਜਦ ਪਸੀਨਾ ਆਉਣਾ ਬੰਦ ਹੋ ਜਾਵੇ ਤੇ ਸਰੀਰ ਦਾ ਤਾਪਮਾਨ 104 ਡਿਗਰੀ ਫਾਰਨਹੀਟ ਤੋਂ ਉਪਰ ਹੋ ਜਾਵੇ ਤਾਂ ਸਮਝੋ ਕਿ ਬੰਦੇ ਨੂੰ ਲੂ ਲੱਗ ਗਈ ਹੈ। ਗਰਮੀਆਂ ਵਿਚ ਮਲੇਰੀਆ, ਟਾਇਫਾਇਡ ਜਾਂ ਕਿਸੇ ਹੋਰ ਰੋਗ ਕਾਰਨ ਬੁਖ਼ਾਰ ਚੜ੍ਹ ਜਾਵੇ ਤਾਂ ਪਾਣੀ ਦੀ ਘਾਟ, ਲੂ ਲੱਗਣ ਦਾ ਕਾਰਨ ਬਣਦੀ ਜਾਂਦੀ ਹੈ। ਗਰਮੀ ਦੇ ਮੌਸਮ ਵਿਚ ਤਾਪਮਾਨ 40-45 ਡਿਗਰੀ ਸੈਂਟੀਗ੍ਰੇਡ ਤੱਕ ਪਹੁੰਚ ਜਾਂਦਾ ਹੈ ਤੇ ਤੇਜ਼ ਧੁੱਪ ਕਾਰਨ ਸੂਰਜ ਦੀਆਂ ਤੇਜ਼ ਕਿਰਨਾਂ ਚਮੜੀ ਹੀ ਝੁਲਸਾ ਦਿੰਦੀਆਂ ਹਨ।
ਅਜਿਹੇ ਮੌਸਮ ਵਿਚ ਆਪਣਾ ਧਿਆਨ ਸਨਬਰਨ, ਸਕਿਨ ਵਿਚ ਜਲਣ, ਲੂ ਲੱਗਣ ਦਾ ਡਰ ਬਣਿਆ ਰਹਿੰਦਾ ਹੈ, ਕਦੇ-ਕਦੇ ਤਾਂ ਰੱਖਣਾ ਬਹੁਤ ਜ਼ਰੂਰੀ ਹੈ। ਸਨਬਰਨ ਅਤੇ ਚਮੜੀ ਦੀ ਜਲਣ ਤੋਂ ਬਚਾਅ ਲਈ ਕਈ ਤਰਾਂ ਦੇ ਲੋਸ਼ਨ ਅਤੇ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪਰ ਲੂ ਲੱਗਣ ਨਾਲ ਸਿਹਤ ਬਹੁਤ ਜ਼ਿਆਦਾ ਵਿਗੜ ਵੀ ਸਕਦੀ ਹੈ, ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੀਦਾ ਹੈ। ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ।
ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜ਼ੋਖ਼ਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।
ਵਧੇਰੇ ਜ਼ੋਖ਼ਮ ਸ਼੍ਰੇਣੀ ’ਚ ਹਨ :
ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ-ਦਿਹਾੜੀਦਾਰ, ਮੋਟਾਪੇ ਤੋਂ ਪੀੜਤ ਵਿਅਕਤੀ ਤੇ ਮਾਨਸਿਕ ਰੋਗੀ ਜੋ ਸਰੀਰਕ ਤੌਰ ’ਤੇ ਬਿਮਾਰ ਹਨ, ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਹੈ।
ਹਰ ਸਾਲ ਗਰਮੀ ਦੇ ਮੌਸਮ ਵਿਚ ਲੂ ਲੱਗਣ ਦੇ ਕੇਸਾਂ ਬਾਰੇ ਖ਼ਬਰਾਂ ਸੁਣੀਂਦੀਆਂ ਹਨ, ਪਰ ਜੇ ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ ਵਰਤੀਆਂ ਜਾਣ ਤਾਂ ਲੂ ਲੱਗਣ ਤੋਂ ਆਪਣੇ-ਆਪ ਨੂੰ ਬਚਾਇਆ ਜਾ ਸਕਦਾ ਹੈ। ਲੂ ਜਾਂ ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ ।
ਇਸ ਗਰਮੀ ਦੇ ਮੌਸਮ ਵਿਚ ਕੀ ਕਰਨਾ ਚਾਹੀਦਾ ਹੈ:
ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਸਮੇਂ ਕੀਤੇ ਜਾਣੇ ਚਾਹੀਦੇ ਹਨ।
ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਜ਼ਰੂਰ ਪੀਓ। ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਸਬੰਧੀ ਡਾਕਟਰੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਅਤੇ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਆਦਿ ਦੀ ਵਰਤੋਂ ਕਰੋ।
ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ-ਬੂਟ ਜਾਂ ਚੱਪਲਾਂ ਪਾਓ।
ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਲਾਦ ਜਿਵੇਂ ਕਿ ਅੰਬ ਤਰਬੂਜ਼, ਖਰਬੂਜ਼ਾ, ਸੰਤਰਾ, ਅੰਗੂਰ, ਖੀਰਾ, ਮੂਲੀ, ਪਿਆਜ ਅਤੇ ਟਮਾਟਰ ਆਦਿ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਉਹਨਾਂ ਲੋਕਾਂ ਨੂੰ ਪਾਣੀ ਦੀ ਪੇਸ਼ਕਸ਼ ਕਰੋ ਜੋ ਤੁਹਾਡੇ ਘਰ ਜਾਂ ਦਫਤਰ ਵਿੱਚ ਸਮਾਨ ਜਾਂ ਭੋਜਨ ਦੀ ਡਿਲਿਵਰੀ ਲਈ ਆਉਂਦੇ ਹਨ।
ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਸੱਤੂ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ। ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਗੂੜੇ ਚਸ਼ਮੇ ਪਾਓ।
ਘੱਟ ਭੋਜਨ ਖਾਓ ਅਤੇ ਜ਼ਿਆਦਾ ਵਾਰ ਖਾਓ, ਬਿਹਾ ਖਾਣਾ ਨਾ ਖਾਓ, ਜ਼ਿਆਦਾ ਤੇਲ ਵਾਲੇ ਜਾਂ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਠੰਡੇ ਪਾਣੀ ਨਾਲ ਵਾਰ-ਵਾਰ ਨਹਾਓ ਜਾਂ ਥੋੜੇ-ਥੋੜੇ ਸਮੇ ਬਾਅਦ ਮੂੰਹ-ਹੱਥ ਠੰਢੇ ਪਾਣੀ ਨਾਲ ਧੋਵੋ। ਕਸਰਤ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਕਰੋ ਅਤੇ ਖੁਰਾਕ ਤੇ ਤਰਲ ਪਦਾਰਥਾਂ ਦਾ ਸੇਵਨ ਜ਼ਰੂਰ ਕਰੋ।
ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ : ਧੁੱਪ ਵਿੱਚ ਖਾਸ ਤੌਰ ’ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ।
ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ, ਰਸੋਈ ਨੂੰ ਚੰਗੀ ਤਰਾਂ ਹਵਾਦਾਰ ਰੱਖਣ ਲਈ ਦਰਵਾਜੇ ਅਤੇ ਖਿੜਕੀਆਂ ਖੁੱਲੀਆਂ ਰੱਖੋ, ਹਵਾ ਬਾਹਰ ਕੱਢਣ ਲਈ ਚਿਮਨੀ ਜਾਂ ਪੱਖਾ ਜ਼ਰੂਰ ਚਲਾਓ।
ਅਲਕੋਹਲ, ਚਾਹ, ਕੌਫੀ, ਪੈਕਡ ਡਿੰਕ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਸਰੀਰ ਦੇ ਤਰਲ ਪਦਾਰਥਾਂ ਦੀ ਮਾਤਰਾ ਘਟਾ ਦਿੰਦੇ ਹਨ।
ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ।
ਅਜਿਹੇ ਲੱਛਣ ਦਿਸਣ ’ਤੇ ਤੁਰੰਤ ਡਾਕਟਰੀ ਸਹਾਇਤਾ ਲਓ :
ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ, ਬੋਲਣ ਵਿੱਚ ਮੁਸ਼ਕਲ, ਚਿੜਚਿੜਾਪਨ, ਹਕਲਾ ਕੇ ਬੋਲਣਾ ਅਤੇ ਦੌਰੇ ਆਦਿ ਨਾਲ ਬੋਲਣਾ।
ਗਰਮ, ਲਾਲ ਅਤੇ ਖੁਸ਼ਕ ਚਮੜੀ :
ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਜਾਂਦਾ ਹੈ।
ਗੰਭੀਰ ਸਿਰ ਦਰਦ।
ਚਿੰਤਾ, ਚੱਕਰ ਆਉਣੇ, ਬੇਹੋਸ਼ੀ।
ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਵ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਰਹਿੰਦੀ ਹੈ।
ਉਲਟੀਆਂ (ਜੀਅ ਮਚਲਾਣਾ-ਘਬਰਾਹਟ ਆਦਿ)।
ਦਿਲ ਦੀ ਧੜਕਣ ਤੇਜ਼ ਹੋਣਾ।
ਸਾਹ ਲੈਣ ਵਿੱਚ ਤਕਲੀਫ਼ ਹੋਣਾ।
ਲੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸੁਝਾਅ, ਸਾਵਧਾਨੀਆਂ ਤੇ ਘਰੇਲੂ ਨੁਕਤੇ ਯਾਦ ਰੱਖੋ ਅਤੇ ਵਧੇਰੇ ਜਾਣਕਾਰੀ ਲਈ ਨੇੜੇ ਦੇ ਸਿਹਤ ਕੇਂਦਰ ਜਾਂ ਟੋਲ ਫਰੀ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
-ਡਾ. ਪ੍ਰਭਦੀਪ ਸਿੰਘ ਚਾਵਲਾ
-ਮੋਬਾ : 98146-56257