ਦਸਨਸ
ਚੰਡੀਗੜ੍ਹ/24 ਮਈ : ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਵਿਜੀਲੈਂਸ ਵਿਭਾਗ ਵੱਲੋਂ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਦਰਜ ਕੀਤਾ ਮਾਮਲਾ ਅਤਿ ਨਿੰਦਣਯੋਗ ਹੈ। ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਦਲੇ ਦੀ ਭਾਵਨਾ ਨਾਲ ਅਜਿਹਾ ਕਰਨਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਾ. ਹਮਦਰਦ ’ਤੇ ਪਰਚਾ ਦਰਜ ਕਰਕੇ ਪ੍ਰੈਸ ਦੀ ਆਜ਼ਾਦੀ ਦਾ ਗਲ਼ ਘੁੱਟਿਆ ਹੈ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰ ਅਜਿਹੀਆਂ ਕਾਰਵਾਈਆਂ ਕਰਕੇ ਪ੍ਰੈਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੱਤਰਕਾਰ ਇਕ ਨਿਰਪੱਖ ਵਿਅਕਤੀ ਹੁੰਦਾ ਹੈ ਤੇ ਉਸ ਨੇ ਸਮਾਜ ’ਚ ਵਾਪਰ ਰਹੀ ਹਰੇਕ ਘਟਨਾ ਨੂੰ ਲੋਕਾਂ ਸਾਹਮਣੇ ਲਿਆਉਣਾ ਹੁੰਦਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੁਰਜੋਰ ਨਿੰਦਾ ਕਰਦੇ ਹਨ ਅਤੇ ਡਾ. ਹਮਦਰਦ ਨਾਲ ਪਹਿਲਾਂ ਵਾਂਗ ਅੱਜ ਵੀ ਚਟਾਨ ਵਾਂਗ ਖੜ੍ਹੇ ਹਨ।