ਸ੍ਰੀ ਫ਼ਤਹਿਗੜ ਸਾਹਿਬ/25 ਜੂਨ:
(ਰਵਿੰਦਰ ਸਿੰਘ ਢੀਂਡਸਾ)
ਆਉਣ ਵਾਲੇ ਬਰਸਾਤੀ ਦਿਨਾਂ ਵਿੱਚ ਕਿਸੇ ਵੀ ਤਰਾਂ ਦੀ ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਪੂਰੀ ਮੁਸਤੈਦੀ ਤੋਂ ਕੰਮ ਲੈਣ ਅਤੇ ਸਾਰੇ ਵਿਭਾਗ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਆਪੋ ਆਪਣੇ ਵਿਭਾਗ ਨਾਲ ਸਬੰਧਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਹਿੰਦ ਚੋਅ ਸਮੇਤ ਜ਼ਿਲ੍ਹੇ ਦੇ ਹੋਰ ਸੰਭਾਵੀ ਹੜ੍ਹ ਪ੍ਰਭਾਵਿਤ ਥਾਵਾਂ ਦਾ ਦੌਰਾ ਕਰਨ ਉਪਰੰਤ ਦਿੱਤੀਆਂ। ਉਨਾਂ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਉਣ, ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਆਸਾਨੀ ਨਾਲ ਹੋ ਸਕੇ। ਉਨਾਂ ਕਿਹਾ ਕਿ ਜ਼ਿਲੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ 'ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।