ਸ੍ਰੀ ਫ਼ਤਹਿਗੜ੍ਹ ਸਾਹਿਬ/29 ਜੂਨ :
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ,ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ, ਬਲਾਕ ਅਜੂਕੇਟਰ ਮਹਾਵੀਰ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਏਰੀਏ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ( ਕੋਟਪਾ ) ਦੀ ਉਲੰਘਣਾ ਕਰਨ ਵਾਲੇ 11 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕਰਕੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ ਜਾਂਦੇ ਹਨ ਤੇ ਮੌਕੇ ਤੇ ਹੀ ਜੁਰਮਾਨਾ ਵਸੂਲ ਕੀਤਾ ਜਾਂਦਾ ਅਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੁੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਕਿਉਕਿ ਤੰਬਾਕੂ ਸੇਵਨ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ,ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ, ਸਿਗਰਟ ਅਤੇ ਤੰਬਾਕੂ ਦੀਆਂ ਡੱਬੀਆਂ ਤੇ 80 ਪ੍ਰਤੀਸ਼ਤ ਦੇ ਹਿੱਸੇ ਤੇ ਪਿਕਟੋਰੀਅਲ ਵਾਰਨਿੰਗ ਤੋਂ ਬਿਨਾਂ ਵੇਚਣ, ਇਲੈਕਟਰੋਨਿਕ ਸਿਗਰਟ ਅਤੇ ਹੋਰ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ, ਤੰਬਾਕੂ ਪਦਾਰਥਾਂ ਨੂੰ ਪ੍ਰਦਰਸ਼ਿਤ ਕਰਨ, ਆਦਿ ਦੀ ਮਨਾਹੀ ਹੈ। ਉਹਨਾਂ ਕਿਹਾ ਕਿ ਇਸ ਐਕਟ ਤਹਿਤ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਨ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਤਹਿਤ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ।