ਚੰਡੀਗੜ੍ਹ, 2 ਜੁਲਾਈ
ਮੰਗਲਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਸਮੇਤ ਹਰਿਆਣਾ ਦੇ ਕਈ ਹਿੱਸਿਆਂ 'ਚ ਮੀਂਹ ਪਿਆ, ਜਿਸ ਕਾਰਨ ਤਾਪਮਾਨ 'ਚ ਕੁਝ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਪੰਚਕੂਲਾ ਅਤੇ ਮੁਹਾਲੀ ਜ਼ਿਲ੍ਹਿਆਂ ਵਿੱਚ ਵੀ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਨਮੀ ਵਾਲੇ ਮੌਸਮ ਤੋਂ ਕੁਝ ਰਾਹਤ ਮਿਲੀ।
ਭਾਰਤੀ ਮੌਸਮ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ 21 ਮਿਲੀਮੀਟਰ ਮੀਂਹ ਦਰਜ ਕਰਨ ਤੋਂ ਬਾਅਦ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮਾਨਸੂਨ ਦੀ ਆਮਦ ਦਾ ਐਲਾਨ ਕਰ ਦਿੱਤਾ ਗਿਆ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਕੁਝ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਆਈਐਮਡੀ ਦਫ਼ਤਰ ਨੇ ਐਤਵਾਰ ਨੂੰ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਅਲਰਟ ਮੁਤਾਬਕ ਬੁੱਧਵਾਰ ਨੂੰ ਵੀ ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਪੰਜਾਬ ਦੇ ਕੁਝ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਅੱਜ ਚੰਡੀਗੜ੍ਹ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕ ਕਈ ਦਿਨਾਂ ਤੋਂ ਮੀਂਹ ਦੀ ਉਡੀਕ ਕਰ ਰਹੇ ਸਨ। ਅਜਿਹੇ 'ਚ ਇਸ ਦੌਰਾਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।