ਸ੍ਰੀ ਫ਼ਤਹਿਗੜ੍ਹ ਸਾਹਿਬ/2 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦਾ ਪੱਕੇ ਤੌਰ ਤੇ ਨਿਯੁਕਤ ਹੋਏ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਦਾ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਯੂਨੀਵਰਸਿਟੀ ਦੇ ਸਟਾਫ ਦਾ ਧੰਨਵਾਦ ਕਰਦਿਆਂ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਅਕ ਮਿਆਰ ਨੂੰ ਉੱਚਾ ਚੁੱਕਣ ਵਿੱਚ ਸਾਰੇ ਹੀ ਮੁਲਾਜ਼ਮ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ ਵਿੱਚ ਆਪਣਾ ਯੋਗਦਾਨ ਅਦਾ ਕਰਨ ਤਾਂ ਜੋ ਯੂਨੀਵਰਸਿਟੀ ਨੂੰ ਹੋਰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ । ਉਹਨਾਂ ਕਿਹਾ ਕਿ ਪਹਿਲਾਂ ਵੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਯੂਨੀਵਰਸਿਟੀ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਹ ਕਾਮਨਾ ਕਰਦੇ ਹਨ ਕਿ ਉਹ ਯੂਨੀਵਰਸਿਟੀ ਨੂੰ ਸਮਾਂ ਦੇਣ ਵਿੱਚ ਆਪਣਾ ਸਾਰਥਿਕ ਰੋਲ ਅਦਾ ਕਰਨਗੇ । ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲਣ ਵਾਲੀ ਇੱਕ ਸਿਰਮੋਰ ਵਿਦਿਕ ਸੰਸਥਾ ਹੈ, ਜਿੱਥੋਂ ਵਿਦਿਆ ਪ੍ਰਾਪਤ ਕਰਕੇ ਵਿਦਿਆਰਥੀ ਦੇਸ਼ਾਂ ਵਿਦੇਸ਼ਾਂ ਵਿੱਚ ਆਪਣਾ ਰੁਜ਼ਗਾਰ ਕਮਾ ਰਹੇ ਹਨ ਅਤੇ ਯੂਨੀਵਰਸਿਟੀ ਦਾ ਨਾਮ ਵੀ ਚਮਕਾ ਰਹੇ ਹਨ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਯੂਨੀਵਰਸਿਟੀ ਵਿੱਚ ਚੱਲ ਰਹੇ ਦਾਖਲਿਆਂ ਵਿੱਚ ਅਥਾਹ ਵਾਧਾ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਸ ਯੂਨੀਵਰਸਿਟੀ ਵਿੱਚ ਦਾਖਲਾ ਲੈ ਰਹੇ ਹਨ। ਇਸ ਮੌਕੇ ਸਟਾਫ ਨੇ ਯੂਨੀਵਰਸਿਟੀ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਦਾ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੂੰ ਭਰੋਸਾ ਦਵਾਇਆ ਕਿ ਉਹ ਆਪਣਾ ਪੂਰਨ ਸਹਿਯੋਗ ਹਮੇਸ਼ਾ ਯੂਨੀਵਰਸਿਟੀ ਨੂੰ ਦਿੰਦੇ ਰਹਿਣਗੇ ।