ਸ੍ਰੀ ਫ਼ਤਹਿਗੜ੍ਹ ਸਾਹਿਬ/5 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਨੂੰ ਰੋਕਣ ਵਾਸਤੇ ਕੀਤੇ ਗਏ ਫੈਸਲੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਟੋਕਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਆਉਣ ਵਾਲੇ ਲੋਕਾਂ ਨੂੰ ਟੋਕਨ ਜਾਰੀ ਕੀਤਾ ਜਾਵੇਗਾ ਅਤੇ ਟੋਕਨ ਨੰਬਰ ਅਨੁਸਾਰ ਸਬੰਧਤ ਵਿਅਕਤੀ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸ ਸਕਣਗੇ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਟੋਕਨ ਸਿਸਟਮ ਸ਼ੁਰੂ ਹੋਣ ਨਾਲ ਆਮ ਨਾਗਰਿਕ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਨੂੰ ਮਿਲ ਸਕਣਗੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਸੀ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਦੱਸੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣਗੀਆਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਸਬੰਧਤ ਵਿਅਕਤੀ ਨੂੰ ਮੋਬਾਇਲ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ ਕਿ ਜੇਕਰ ਕਿਸੇ ਵਿਭਾਗ ਨਾਲ ਸਬੰਧਤ ਸਮੱਸਿਆ ਦਾ ਹੱਲ ਤੈਅ ਸਮੇਂ ਅੰਦਰ ਨਾ ਕੀਤਾ ਗਿਆ ਤਾਂ ਸਬੰਧਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ।