ਸ੍ਰੀ ਫ਼ਤਹਿਗੜ੍ਹ ਸਾਹਿਬ/8 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸਿਹਤਮੰਦ ਜੀਵਨ ਲਈ ਸਿਹਤਮੰਦ ਵਾਤਾਵਰਨ ਦਾ ਹੋਣਾ ਅਤੀ ਜਰੂਰੀ ਹੁੰਦਾ ਹੈ ,ਇਸ ਲਈ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਘੱਟੋ ਘੱਟ ਆਪਣੇ ਜਨਮ ਦਿਨ ਦੇ ਮੌਕੇ ਤੇ ਇੱਕ-ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ ਦੇ ਜਨਮ ਦਿਵਸ ਦੇ ਮੌਕੇ ਤੇ ਰੁੱਖ ਲਗਵਾਉਂਦਿਆਂ ਕੀਤਾ। ਇਸ ਮੌਕੇ ਤੇ ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਹਨਾਂ ਦੀ ਸਾਂਭ ਸੰਭਾਲ ਅਤੀ ਜਰੂਰੀ ਹੁੰਦੀ ਹੈ ਕਿਉਂਕਿ ਸਾਫ ਵਾਤਾਵਰਨ ਵਿੱਚ ਸਾਹ ਲੈ ਕੇ ਹੀ ਅਸੀਂ ਤੰਦਰੁਸਤ ਜੀਵਨ ਜਿਉ ਸਕਦੇ ਹਾਂ। ਉਹਨਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਲਗਭਗ 200 ਰੁੱਖ ਲਗਾਏ ਜਾ ਚੁੱਕੇ ਹਨ ਅਤੇ ਉਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਫਿਕਸ ਕੀਤੀ ਗਈ ਹੈ।ਉਹਨਾਂ ਕਿਹਾ ਕਿ ਪਲਾਸਟਿਕ ਦੀ ਲਗਾਤਾਰ ਹੋ ਰਹੀ ਵਰਤੋਂ, ਪਾਣੀ ਦੀ ਬਰਬਾਦੀ, ਫੈਕਟਰੀਆਂ ਅਤੇ ਰਹਿੰਦ ਖੂੰਦ ਨੂੰ ਅੱਗ ਲਗਾਉਣ ਕਾਰਨ, ਪ੍ਰਾਈਵੇਟ ਵਾਹਨਾਂ ਦੀ ਵਰਤੋਂ ਵਿੱਚ ਹੋ ਰਹੇ ਵਾਧੇ ਆਦਿ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਨਾਲ ਸਾਹ ,ਦਮਾ, ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਰੋਗੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।ਉਹਨਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਲਈ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾਵੇ, ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ, ਪ੍ਰਾਈਵੇਟ ਵਾਹਨਾਂ ਦੀ ਥਾਂ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕੀਤੀ ਜਾਵੇ, ਰਹਿੰਦ ਖੂੰਦ ਨੂੰ ਅੱਗ ਨਾ ਲਗਾਈ ਜਾਵੇ, ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ,ਵੱਧ ਤੋਂ ਰੁੱਖ ਲਗਾਏ ਜਾਣ ਅਤੇ ਆਮ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਰੁੱਖ ਲਗਾਓ, ਪ੍ਰਦੂਸ਼ਣ ਘਟਾਓ, ਜੀਵਨ ਬਚਾਓ, ਸਾਡਾ ਇੱਕ ਛੋਟਾ ਜਿਹਾ ਕਦਮ ਵੱਡਾ ਬਦਲਾਅ ਲਿਆ ਸਕਦਾ ਹੈ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਾਨਵ ਸਾਹ ਅਤੇ ਗੁਰਮੀਤ ਸਿੰਘ ਮਾਲੀ ਵੀ ਹਾਜਰ ਸਨ।