ਸ੍ਰੀ ਫ਼ਤਹਿਗੜ੍ਹ ਸਾਹਿਬ/9 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ਤੇ ਹੀ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਾਸ਼ਨ ਵੱਲੋਂ ਹਫਤੇ ਵਿੱਚ ਦੋ ਦਿਨ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਹਫਤੇ ਵਿੱਚ ਇੱਕ ਦਿਨ ਵੀਰਵਾਰ ਨੂੰ ਉਹ ਦੁਪਹਿਰ 01:30 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ ਤਾਂ ਜ਼ੋ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਹੋ ਸਕੇ। ਅਜਿਹਾ ਕਰਨ ਨਾਲ ਜਿਥੇ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਵਧੇਗੀ ਉਥੇ ਹੀ ਆਮ ਲੋਕਾਂ ਤੇ ਪ੍ਰਸ਼ਾਸ਼ਨ ਵਿਚਲਾ ਪਾੜ ਵੀ ਘਟੇਗਾ। ਇਸ ਮੌਕੇ ਐਸ.ਡੀ.ਐਮ. ਅਮਲੋਹ ਕਿਰਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੇ ਜਨ ਸੁਵਿਧਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 45 ਦਰਖਾਸਤਾਂ/ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਅਮਲੋਹ ਮੋਹਿਤ ਕਲਿਆਣ, ਤਹਿਸੀਲਦਾਰ ਮੰਡੀ ਗੋਬਿੰਦਗੜ੍ਹ ਹਰਨੇਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।