ਸ੍ਰੀ ਫ਼ਤਹਿਗੜ੍ਹ ਸਾਹਿਬ/11 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸਮਾਜ ਵਿੱਚ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਾਹਣਤ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਬ੍ਰਾਹਮਣ ਮਾਜਰਾ ਵਿਖੇ ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਇਸੇ ਮੰਤਵ ਲਈ ਉਹ ਸੂਬੇ ਦੇ ਸਾਰੇ ਨਸ਼ਾ ਛੁਡਾਉ ਕੇਂਦਰਾਂ ਦਾ ਦੌਰਾ ਕਰਕੇ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆ ਨੂੰ ਸਮਾਜ ਅੰਦਰ ਮੁੜ ਤੋਂ ਨਵਾਂ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਸ ਵਿਅਕਤੀ ਪਾਸੋਂ ਬਹੁਤ ਘੱਟ ਮਿਕਦਾਰ ਵਿੱਚ ਨਸ਼ਾ ਮਿਲਦਾ ਹੈ ਅਤੇ ਉਹ ਵਿਅਕਤੀ ਨਸ਼ਿਆਂ ਦਾ ਆਦੀ ਹੈ, ਨੂੰ ਜੇਲ੍ਹਾਂ ਵਿੱਚ ਡੱਕਣ ਦੀ ਥਾਂ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕੀਤਾ ਜਾਵੇ ਤਾਂ ਜੋ ਨਸ਼ਿਆਂ ਦਾ ਖਾਤਮਾ ਹੋ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਕਈ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਨਸ਼ਿਆਂ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਕੋਰਸਾਂ ਦੀ ਸਿਖਲਾਈ ਦੇ ਕੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਵਿਅਕਤੀ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਪੈਰ੍ਹਾਂ ਤੇ ਖੜਾ ਹੋ ਕੇ ਆਪਣੇ ਪਰਿਵਾਰ ਦਾ ਚੰਗਾ ਗੁਜਰ ਬਸਰ ਕਰ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ 9ਵੀਂ ਜਮਾਤ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਆਸ਼ਾ ਵਰਕਰਾਂ ਤੇ ਵੱਖ-ਵੱਖ ਸਰਕਾਰੀ ਆਹੁਦਿਆਂ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ। ਪੱਤਰਕਾਰਾਂ ਵੱਲੋਂ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਆਦੇਸ਼ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਤੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਜੇਕਰ ਵੇਖਿਆ ਜਾਵੇ ਤਾਂ ਇਹ ਮਸਲਾ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਹੈ ਅਤੇ ਹਰਿਆਣਾ ਸਰਕਾਰ ਬਿਨਾਂ ਕਿਸੇ ਮਤਲਵ ਤੋਂ ਵਿੱਚ ਪੈਰ ਫਸਾ ਰਹੀ ਸੀ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਬਹੁਤਾ ਲਮਕਾਇਆ ਨਾ ਜਾਵੇ।ਨਸ਼ਾ ਛੁਡਾਊ ਕੇਦਰ ਵਿੱਚ ਜੇਰ-ਏ-ਇਲਾਜ ਵਿਅਕਤੀਆਂ ਨੂੰ ਪ੍ਰੇਰਿਤ ਕਰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਤੁਸੀਂ ਨਸ਼ਿਆਂ ਦਾ ਤਿਆਗ ਕਰਕੇ ਉਨ੍ਹਾਂ ਵਿਅਕਤੀਆਂ ਨੂੰ ਵੀ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਆਓ ਜਿਹਨਾਂ ਕਾਰਨ ਤੁਹਾਨੂੰ ਨਸ਼ਿਆਂ ਦੀ ਆਦਤ ਪਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਉਹ ਵਿਅਕਤੀ ਜੋ ਕਿ 5 ਹੋਰ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਲੈ ਕੇ ਆਉਣਗੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਵਿੱਚ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਨਸ਼ਿਆਂ ਦੇ ਆਦੀ ਵਿਅਕਤੀਆ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨਸ਼ਿਆਂ ਦੇ ਆਦੀ ਬੱਚਿਆਂ ਨੂੰ ਸਰਕਾਰ ਨੂੰ ਸੌਂਪੇ ਅਤੇ ਸਰਕਾਰ ਉਨ੍ਹਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਹੁਨਰਮੰਦ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋਣ ਯੋਗ ਬਣਾ ਕੇ ਮਾਪਿਆਂ ਨੂੰ ਵਾਪਸ ਕਰ ਦੇਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਈਸ਼ਾ ਸਿੰਗਲ, ਐਸ.ਡੀ.ਐਮ. ਇਸ਼ਮਿਤ ਵਿਜੈ ਸਿੰਘ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ, ਮਨੋਰੋਗ ਮਾਹਰ ਡਾ: ਸਨਪ੍ਰੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।