ਚੰਡੀਗੜ੍ਹ, 12 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਉਹ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ ਪੰਜਾਬ ਵਿੱਚ ਨਸ਼ਾ, ਗੈਂਗਸਟਰ ਅਤੇ ਮਾਫ਼ੀਆ ਦਾ ਬੋਲਬਾਲਾ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਇਆ। ਉਹੀ ਲੋਕ ਅਜੇ ਵੀ ਇਸ ਗੱਠਜੋੜ ਦਾ ਹਿੱਸਾ ਹਨ।
ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਨਾਲ ਜੁੜੇ ਹਰ ਮੁੱਦੇ 'ਤੇ ਸਿਰਫ਼ ਮਗਰਮੱਛ ਦੇ ਹੰਝੂ ਵਹਾਉਂਦੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂਆਂ ਨਾਲ ਗੁਟਕਾ ਸਾਹਿਬ 'ਤੇ ਸਹੁੰ ਚੁੱਕੀ ਸੀ ਕਿ ਅਸੀਂ ਚਾਰ ਹਫ਼ਤਿਆਂ 'ਚ ਪੰਜਾਬ 'ਚੋਂ ਨਸ਼ਾ ਖ਼ਤਮ ਕਰ ਦਿਆਂਗੇ ਅਤੇ ਕੈਪਟਨ ਸਰਕਾਰ ਵੇਲੇ ਜਾਖੜ ਪਾਰਟੀ ਦੇ ਮੁਖੀ ਸਨ, ਪਰ ਅਜਿਹਾ ਨਹੀਂ ਕੀਤਾ, ਪਰੰਤੂ ਉਹ ਨਸ਼ੇ ਦੇ ਖ਼ਿਲਾਫ਼ ਇੱਕ ਵਾਰ ਵੀ ਨਹੀਂ ਬੋਲੋ।
ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਉਲਟ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ, ਗੈਂਗਸਟਰ ਅਤੇ ਮਾਫ਼ੀਆ ਨੂੰ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਨੇ ਹੁਣ ਤੱਕ 32 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 25 ਹਜ਼ਾਰ ਕੇਸ ਦਰਜ ਕੀਤੇ ਹਨ। ਐਨਸੀਆਰਬੀ ਦੇ ਅੰਕੜੇ ਇਹ ਵੀ ਕਹਿੰਦੇ ਹਨ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਗੁਆਂਢੀ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਅਜਿਹਾ ਇਸ ਲਈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਬਹੁਤ ਗੰਭੀਰ ਹਨ।
ਨੀਲ ਗਰਗ ਨੇ ਕਿਹਾ ਕਿ ਜਾਖੜ ਕਿਸਾਨਾਂ ਦੀ ਗੱਲ ਤਾਂ ਕਰਦੇ ਹਨ, ਪਰ ਕੇਂਦਰ ਸਰਕਾਰ ਅੱਗੇ ਕਿਸਾਨਾਂ ਲਈ ਆਵਾਜ਼ ਨਹੀਂ ਉਠਾਉਂਦੇ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਿਣ ਨਾਲ ਕੋਈ ਕਿਸੇ ਦਾ ਸ਼ੁੱਭਚਿੰਤਕ ਨਹੀਂ ਬਣਦਾ, ਇਸ ਲਈ ਕੰਮ ਕਰਨਾ ਪੈਂਦਾ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਕਿਸਾਨ ਹਿਤੈਸ਼ੀ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਮੁੱਦੇ ਪ੍ਰਧਾਨ ਮੰਤਰੀ ਮੋਦੀ ਕੋਲ ਉਠਾਉਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ 2013 'ਚ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਖ਼ੁਦ ਕਿਹਾ ਸੀ ਕਿ ਅਸੀਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਂਗੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਵਾਂਗੇ, ਪਰ ਬਾਅਦ 'ਚ ਮੋਦੀ ਆਪਣੀ ਗੱਲ ਤੋਂ ਪਿੱਛੇ ਹਟ ਗਏ | ਉਨ੍ਹਾਂ ਨੇ ਵਾਅਦਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਉਨ੍ਹਾਂ ਨੇ ਕਿਸਾਨਾਂ 'ਤੇ ਕਾਲੇ ਖੇਤੀ ਕਾਨੂੰਨ ਥੋਪ ਕੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫ਼ਸਲਾਂ ਆਪਣੇ ਕਾਰਪੋਰੇਟ ਦੋਸਤਾਂ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ। ਅੱਜ ਤੱਕ ਪੀਐਮ ਮੋਦੀ ਨੇ ਵੀ ਇਨ੍ਹਾਂ ਮੌਤਾਂ 'ਤੇ ਦੁੱਖ ਪ੍ਰਗਟ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਭਾਵੇਂ ਕੁਝ ਵੀ ਕਰ ਲਵੇ ਪਰ ਪੰਜਾਬ ਵਿੱਚ ਉਸ ਨੂੰ ਕੁਝ ਹਾਸਲ ਨਹੀਂ ਹੋਣ ਵਾਲਾ। ਇੱਥੋਂ ਦੇ ਲੋਕ ਭਾਜਪਾ ਦੇ ਸੁਭਾਅ ਤੋਂ ਚੰਗੀ ਤਰ੍ਹਾਂ ਜਾਣੂ ਹਨ। ਲੋਕ ਜਾਣਦੇ ਹਨ ਕਿ ਭਾਜਪਾ ਕਿਸਾਨ ਵਿਰੋਧੀ ਅਤੇ ਸਰਮਾਏਦਾਰੀ ਪੱਖੀ ਪਾਰਟੀ ਹੈ। ਇਸ ਨੇ ਕਿਸਾਨਾਂ ਦੀ ਭਲਾਈ ਲਈ ਕਦੇ ਕੁਝ ਨਹੀਂ ਕੀਤਾ। ਇਸੇ ਕਰਕੇ ਪੰਜਾਬ ਵਿੱਚੋਂ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ।