ਸ੍ਰੀ ਫ਼ਤਹਿਗੜ੍ਹ ਸਾਹਿਬ/ 19 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਕਥਿਤ ਚੋਰੀ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਸੀ.ਆਈ.ਏ. ਸਟਾਫ ਸਰਹਿੰਦ ਵੱਲੋਂ ਇਸ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਤੋਲੇੇ ਸੋਨਾ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਚੋਰੀ ਦੇ ਮਾਮਲੇ 'ਚ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਅ/ਧ 457,380 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਇਸ ਮਾਮਲੇ ਦੀ ਤਫਤੀਸ਼ ਸੀ.ਆਈ.ਏ. ਸਟਾਫ ਸਰਹਿੰਦ ਨੂੰ ਸੌਂਪੀ ਗਈ ਸੀ।ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਸਬ-ਇੰਸਪੈਕਟਰ ਨਰਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਟੀਮ ਨੇ ਚੋਰੀ ਦੇ ਇਸ ਮਾਮਲੇ 'ਚ ਨਰਿੰਦਰ ਕੁਮਾਰ ਉਰਫ ਨਿਖਿਲ ਕਸ਼ਯਪ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕਰਕੇ 50 ਤੋਲੇ ਸੋਨਾ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।ਐਸ.ਪੀ. ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਨਰਿੰਦਰ ਕੁਮਾਰ ਉਰਫ ਨਿਖਿਲ ਕਸ਼ਯਪ ਨਸ਼ੇ ਦਾ ਆਦੀ ਦੱਸਿਆ ਜਾਂਦਾ ਹੈ ਜਿਸ ਦਾ ਉਕਤ ਘਰ ਵਿੱਚ ਆਉਣ ਜਾਣ ਸੀ ਜਿਸ ਦਾ ਫਾਇਦਾ ਚੁੱਕਦੇ ਹੋਏ ਇਸ ਨੇ ਚੋਰੀ ਦੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।ਉਨਾਂ ਦੱਸਿਆ ਕਿ ਨਰਿੰਦਰ ਕੁਮਾਰ ਵਿਰੁੱਧ ਪਹਿਲਾਂ ਵੀ ਇੱਕ ਖੋਹ ਦਾ ਮਾਮਲਾ ਦਰਜ ਹੈ ਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।