ਸ੍ਰੀ ਫ਼ਤਹਿਗੜ੍ਹ ਸਾਹਿਬ/25 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਨਸ਼ਾ ਵਿਸ਼ਵ ਪੱਧਰ 'ਤੇ ਜਨਤਕ ਸਿਹਤ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਜੋ ਪਰਿਵਾਰਾਂ ਅਤੇ ਸਮਾਜ ਨੂੰ ਬੇਹੱਦ ਪ੍ਰਭਾਵਿਤ ਕਰ ਰਿਹਾ ਹੈ। ਇਸ ਅਹਿਮ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਦੇਸ਼ ਭਗਤ ਯੂਨੀਵਰਸਿਟੀ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਾ ਮੁਕਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਪਣੀ ਵਿਆਪਕ ਪਹਿਲਕਦਮੀ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਤੇ ਬੁਲਾਰੇ ਨੇ ਦੱਸਿਆ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਦੇ ਮਿਸ਼ਨ ਤਹਿਤ ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਪੁਹੰਚੇ ਡੀ.ਐਸ.ਪੀ ਅਮਲੋਹ,ਰਾਜੇਸ਼ ਛਿੱਬਰ ਵੱਲੋਂ ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਦੇ ਵਿਦਿਆਰਥੀਆਂ ਨੂੰ ਫੈਕਲਟੀ ਮੈਂਬਰਾਂ ਦੀ ਹਾਜ਼ਰੀ ਵਿਚ ਲੈਕਚਰ ਦੇ ਕੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨਰੋਏ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਐਚ.ਓ ਅਮਲੋਹ ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਡਾਇਰੈਕਟਰ ਡਾ.ਕੁਲਭੂਸ਼ਨ ਨੇ ਵੀ ਇਸ ਮੌਕੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਚਾਂਸਲਰ ਨੇ ਕਿਹਾ ਕਿ ਨਸ਼ਿਆਂ ਦੀ ਬਿਮਾਰੀ ਨੂੰ ਜੜੋਂ ਪੁੱਟਣ ਵਿੱਚ ਜਿੱਥੇ ਨੌਜਵਾਨ ਵਰਗ ਅਹਿਮ ਰੋਲ ਨਿਭਾ ਸਕਦਾ ਹੈ ਉਥੇ ਹੀ ਸਮਾਜ ਨੂੰ ਵੀ ਇਸ ਮਾਮਲੇ ਵਿੱਚ ਆਪਣਾ ਨਜ਼ਰੀਆ ਬਦਲਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਨਾਲ ਸਾਡਾ ਵਤੀਰਾ ਹਮਦਰਦੀ ਵਾਲਾ ਹੋਣਾ ਚਾਹੀਦਾ ਹੈ ਤਾਂ ਜੋ ਹੌਸਲਾ ਅਫਜਾਈ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।ਉਨ੍ਹਾਂ ਕਿਹਾ ਕਿ ਦੇਸ਼ ਭਗਤ ਯੂਨੀਅਨ ਯੂਨੀਵਰਸਿਟੀ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਤੋਂ ਇਲਾਵਾ ਲੋਕ ਭਲਾਈ ਦੇ ਕਾਰਜਾਂ ਵਿੱਚ ਵੀ ਯੋਗਦਾਨ ਪਾਉਣ ਲਈ ਵਚਨਬੱਧ ਹੈ।ਇਸ ਮੌਕੇ ਡਾ.ਅਮਨਦੀਪ ਸ਼ਰਮਾ, ਵਾਈਸ ਪ੍ਰਿੰਸੀਪਲ, ਡਾ.ਨਿਸ਼ਾਂਤ ਪਾਈਕਾ, ਸਹਾਇਕ ਪ੍ਰੋਫੈਸਰ, ਕਿਰਿਆ ਸ਼ਰੀਰ ਵਿਭਾਗ, ਸਤਿਆਮ ਕੁਮਾਰ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ।