ਸ੍ਰੀ ਫ਼ਤਹਿਗੜ੍ਹ ਸਾਹਿਬ/30 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸੇਫ ਸਕੂਲ ਵਾਹਨ ਪਾਲਿਸੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਲਾਗੂ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਸਕੂਲ ਛੱਡਣ ਸਮੇਂ ਸੁਰੱਖਿਅਤ ਸਫਰ ਮੁਹੱਈਆ ਹੋ ਸਕੇ। ਇਹ ਪ੍ਰਗਟਾਵਾ ਬੱਚਿਆਂ ਦੇ ਹੱਕਾਂ ਦੀ ਰਾਖੀ ਅਤੇ ਦੁਰਘਟਨਾਵਾਂ ਰੋਕਣ ਲਈ ਬਣਾਏ ਗਏ ਪੰਜਾਬ ਰਾਜ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਂਡ ਅਵਾਈਡ ਐਕਸੀਡੈਂਟ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਤ ਭਵਨ ਵਿਖੇ ਸਕੂਲ ਸਾਰਥੀ-ਇੱਕ ਜਿੰਮੇਵਾਰੀ ਨਾਮ ਹੇਠ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸੈਮੀਨਾਰ ਵਿੱਚ ਹਾਜਰ ਸਮੂਹ ਸਕੂਲ ਬੱਸਾਂ ਦੇ ਡਰਾਈਵਰਾਂ ਤੇ ਮਹਿਲਾ ਅਟੈਂਡੰਟ ਨੂੰ ਕਿਹਾ ਕਿ ਬੱਚਿਆਂ ਨੂੰ ਘਰਾਂ ਤੋਂ ਸਕੂਲਾਂ ਤੱਕ ਅਤੇ ਸਕੂਲਾਂ ਤੋਂ ਘਰਾਂ ਤੱਕ ਸੁਰੱਖਿਅਤ ਪਹੁੰਚਾਉਣਾ ਤੁਹਾਡੀ ਵੱਡੀ ਜਿੰਮੇਵਾਰੀ ਹੈ, ਇਸ ਲਈ ਆਪਣੀ ਜਿੰਮੇਵਾਰੀ ਸਮਝਦੇ ਹੋਏ ਡਰਾਇਵਰ ਸਕੂਲ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦਰਸਾਏ ਗਏ ਉਪਕਰਣ ਜਰੂਰ ਲਗਵਾਉਣ ਤਾਂ ਜੋ ਬੱਸਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਸਕੂਲ ਬੱਸ ਦੀ ਸੁਰੱਖਿਆ ਸਕੂਲ,ਬੱਸ ਸਟਾਫ ਅਤੇ ਅਧਿਆਪਕਾਂ ਦੀ ਜਿੰਮੇਵਾਰੀ ਹੈ ਪਰ ਇਹ ਜਿੰਮੇਵਾਰੀ ਸਿਰਫ ਬੱਸ ਸਟਾਫ ਤੇ ਹੀ ਸਮਾਪਤ ਨਹੀਂ ਹੋ ਜਾਂਦੀ ਸਾਨੂੰ ਆਪਣੇ ਬੱਚਿਆਂ ਨੂੰ ਸਹੀ ਤੇ ਸੁਰੱਖਿਅਤ ਢੰਗ ਨਾਲ ਸਕੂਲ ਬੱਸ ਦੀ ਵਰਤੋਂ ਬਾਰੇ ਵੀ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਮਹਿਲਾ ਅਟੈਂਡੰਟ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਬੱਸ ਦਾ ਡਰਾਈਵਰ ਤੈਅ ਸੀਮਾਂ ਤੋਂ ਤੇਜ ਬੱਸ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਪਹਿਲਾਂ ਉਸ ਡਰਾਈਵਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਅਤੇ ਜੇਕਰ ਉਹ ਫਿਰ ਵੀ ਨਹੀਂ ਮੰਨਦਾ ਤਾਂ ਸਕੂਲ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਨਾਲ ਆਪਣੇ ਬੱਚਿਆਂ ਵਾਂਗ ਹੀ ਵਿਵਹਾਰ ਕਰਨਾਂ ਚਾਹੀਦਾ ਹੈ ਅਤੇ ਜਿਸ ਤਰ੍ਹਾਂ ਅਸੀਂ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿੰਦੇ ਹਾਂ ਉਸੇ ਤਰ੍ਹਾਂ ਦੂਸਰੇ ਬੱਚਿਆਂ ਦੀ ਸੁਰੱਖਿਆ ਵੀ ਯਕੀਨੀ ਬਣਾਉਣੀ ਚਾਹੀਦੀ ਹੈ।ਇਸ ਮੌਕੇ ਬਾਲ ਸੁਰੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਸ ਵਿੱਚ ਯਾਤਰਾ ਕਰਦੇ ਸਮੇਂ ਬੱਚਿਆਂ ਨੂੰ ਸੀਟ ਤੇ ਸਹੀ ਢੰਗ ਨਾਲ ਬੈਠਣ ਬਾਰੇ, ਬੱਸ ਵਿੱਚ ਸ਼ੋਰ ਨਾ ਕਰਨ ਬਾਰੇ, ਡਰਾਈਵਰ ਤੇ ਕੰਡਕਟਰ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਸਬੰਧੀ ਦੱਸਣਾ ਚਾਹੀਦਾ ਹੈ ਕਿਉਂਕਿ ਕਈ ਵਾਰ ਛੋਟੀਆਂ-ਛੋਟੀਆਂ ਗਲਤੀਆਂ ਕਾਰਨ ਕਈ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜਿਨ੍ਹਾਂ ਨੂੰ ਰੋਕਣ ਲਈ ਬੱਚਿਆਂ ਨੂੰ ਸੁਚੇਤ ਕਰਨਾ ਚਾਹੀਦਾ ਹੈ। ਇਸ ਮੌਕੇ 'ਅਵੋਇਡ ਐਕਸੀਡੈਂਟ' ਨਾਮਕ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਈ ਅਹਿਮ ਸੁਝਾਅ ਦਿੰਦਿਆਂ ਕਿਹਾ ਕਿ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਬੱਸਾਂ ਚਲਾਉਣ ਸਮੇਂ ਸੇਫ ਸਕੂਲ ਵਾਹਨ ਪਾਲਿਸੀ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ।ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਪ੍ਰਦੀਪ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਬਿਲਕੁੱਲ ਨਾ ਦੇਣ। ਉਨ੍ਹਾਂ ਕਿਹਾ ਕਿ 01 ਅਗਸਤ ਤੋਂ ਵੱਡੀ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦਾ ਪਾਇਆ ਗਿਆ ਤਾਂ ਮਾਪਿਆਂ ਨੂੰ ਤਿੰਨ ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿੱਚ ਹੋਣੇ ਬਹੁਤ ਜਰੂਰੀ ਹਨ ਅਤੇ ਜੇਕਰ ਕਿਸੇ ਬੱਸ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਲੋੜੀਂਦੇ ਯੰਤਰ ਨਾ ਪਾਏ ਗਏ ਤਾਂ ਉਸ ਬੱਸ ਨੂੰ ਬੰਦ ਕਰ ਦਿੱਤਾ ਜਾਵੇਗਾ। ਟਰੈਫਿਕ ਇੰਚਾਰਜ ਏ.ਐਸ.ਆਈ. ਹੰਸ ਰਾਜ ਨੇ ਡਰਾਈਵਰਾਂ ਨੂੰ ਕਿਹਾ ਕਿ ਉਹ ਆਪਣੇ ਦਸਤਾਵੇਜ ਨਾਲ ਜਰੂਰ ਰੱਖਣ ਤਾਂ ਜੋ ਨਾਕਿਆਂ ਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਅੱਜ ਦਾ ਸੈਮੀਨਾਰ ਕਰਵਾਉਣ ਦਾ ਮੁੱਖ ਮੰਤਵ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਸਾਂ ਦੇ ਡਰਾਈਵਰ ਤੇ ਮਹਿਲਾ ਅਟੈਂਡੰਟਜ਼ ਵੀ ਹਾਜ਼ਰ ਸਨ।