ਸ੍ਰੀ ਫ਼ਤਹਿਗੜ੍ਹ ਸਾਹਿਬ/ 9 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਵਿਭਾਗ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਕਾਲਜ ਦੇ ਵਿਜ਼ਨ, ਉਦੇਸ਼, ਵਿਦਿਆਰਥੀਆਂ ਦੇ ਕੋਡ ਆਫ਼ ਕੰਡਕਟ ਅਤੇ ਹੋਰ ਅਹਿਮ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਕਮਰਸ ਵਿਭਾਗ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ, ਪ੍ਰਾਪਤੀਆਂ ਅਤੇ ਵਜ਼ੀਫਿਆਂ ਸਬੰਧੀ ਜਾਣਕਾਰੀ ਭਰਪੂਰ ਵੀਡਿਓ ਪ੍ਰਦਰਸ਼ਨੀ ਪੇਸ਼ ਕੀਤੀ ਗਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਇਆ। ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਮਰਸ ਵਿਭਾਗ ਵਿਖੇ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰੀ ਮਿਹਨਤ, ਇਕਾਗਰਤਾ ਅਤੇ ਉਤਸ਼ਾਹ ਨਾਲ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਵਿਦਿਆਰਥੀਆਂ ਨੂੰ ਕਾਲਜ ਦੀ ਪ੍ਰੀਖਿਆ ਪ੍ਰਣਾਲੀ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਅਤੇ ਨਿਯਮਾਂ ਸਬੰਧੀ ਜਾਣੂ ਕਰਵਾਇਆ ਅਤੇ ਨਾਲ ਹੀ ਕਾਲਜ ਵਿੱਚ ਉਪਲਬਧ ਐਨ.ਸੀ.ਸੀ., ਐਨ.ਐਸ.ਐਸ., ਰੈੱਡ ਕਰਾਸ, ਖੇਡ ਸੁਵਿਧਾਵਾਂ, ਸਰਕਾਰੀ ਅਤੇ ਗੈਰ-ਸਰਕਾਰੀ ਸਕਾਲਰਸ਼ਿਪਾਂ ਆਦਿ ਸਹੂਲਤਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਸਮਾਗਮ ਦੇ ਅਖੀਰ ਵਿੱਚ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਨੇ ਸਭ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।