ਚੰਡੀਗੜ੍ਹ, 14 ਅਗਸਤ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਤ ਵੱਡੀ ਮਜਬੂਤੀ ਮਿਲੀ ਹੈ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਡਾ. ਸੁਖਵਿੰਦਰ ਸੁੱਖੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ। ਡਾ. ਸੁਖਵਿੰਦਰ ਸੁੱਖੀ ਦੇ ਨਾਲ-ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ।
ਡਾਕਟਰ ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ "ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਵਾਧਾ ਹੋਇਆ ਹੈ...ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ 'ਚ ਸ਼ਾਮਿਲ ਹੋਏ ਨੇ....ਮੈਂ ਦਿਲੋਂ 'ਜੀ ਆਇਆਂ ਨੂੰ' ਆਖਦਾ ਹਾਂ।ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਡਾਕਟਰ ਭਾਈਚਾਰੇ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਸਾਡੇ ਕਈ ਮੰਤਰੀ ਅਤੇ ਵਿਧਾਇਕ ਵੀ ਡਾਕਟਰ ਹਨ। ਉਨ੍ਹਾਂ ਕਿਹਾ ਕਿ ਡਾ.ਸੁਖਵਿੰਦਰ ਸੁੱਖੀ ਨੇ ਹਮੇਸ਼ਾ ਵਿਧਾਨ ਸਭਾ ਵਿੱਚ ਮੁੱਦੇ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਦੇ ਵੀ ਕੋਈ ਵਿਵਾਦਤ ਭਾਸ਼ਣ ਨਹੀਂ ਦਿੱਤਾ, ਹਮੇਸ਼ਾ ਆਪਣੇ ਇਲਾਕੇ ਦੇ ਲੋਕਾਂ ਦੀ ਗੱਲ ਕੀਤੀ। ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।
ਡਾ.ਸੁਖਵਿੰਦਰ ਸੁੱਖੀ ਬੰਗਾ ਵਿਧਾਨ ਸਭਾ ਹਲਕੇ ਤੋਂ 2017 ਤੋਂ ਬਾਅਦ 2022 ਵਿੱਚ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ। ਉਹ ਪੇਸ਼ੇ ਤੋਂ ਡਾਕਟਰ ਹਨ ਅਤੇ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਸਰਗਰਮ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾਕਟਰ ਸੁੱਖੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਰਿਹਾ ਹਾਂ। ਮੈਂ ਮੁੱਖ ਮੰਤਰੀ ਦੇ ਖਟਕੜ ਕਲਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਹੋਇਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੇ ਤਰੀਕੇ ਨੇ ਮੈਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ। ਇੱਕ ਵਾਰ ਮੈਂ ਵਿਧਾਨ ਸਭਾ ਵਿੱਚ ਉਨਾਂ ਨੂੰ ਮਿਲਿਆ ਅਤੇ ਆਪਣੇ ਇਲਾਕੇ ਦੇ ਇੱਕ ਨਾਇਬ ਤਹਿਸੀਲਦਾਰ ਦੀ ਸ਼ਿਕਾਇਤ ਕੀਤੀ ਤਾਂ ਮੇਰੀ ਸ਼ਿਕਾਇਤ ਤੋਂ ਤੁਰੰਤ ਬਾਅਦ ਉਨਾਂ ਨੇ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੇਰੇ ਵਿਧਾਨ ਸਭਾ ਹਲਕਾ ਬੰਗਾ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ।