ਸ੍ਰੀ ਫ਼ਤਹਿਗੜ੍ਹ ਸਾਹਿਬ/22 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਅੱਜ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਡਾ. ਜਸਵਿੰਦਰ ਕੌਰ, ਡਾ. ਨਵਜੋਤ ਕੌਰ ਅਤੇ ਡਾ. ਅਮਰਿੰਦਰ ਕੌਰ ਨੇ ਨਿਭਾਈ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਤੀਆਂ ਦੇ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਸਾਉਣ ਮਹੀਨੇ ਦੀ ਪੰਜਾਬੀ ਜਨ ਜੀਵਨ ਅਤੇ ਸੱਭਿਆਚਾਰ ਵਿੱਚ ਮਹੱਤਤਾ ਬਾਰੇ ਦੱਸਿਆ। ਉਹਨਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਡਾਂਸ, ਕੋਰਿਓਗਰਾਫ਼ੀ ਅਤੇ ਲੋਕ ਗੀਤਾਂ ਵਿੱਚ ਵੱਧ ਚੜ ਕੇ ਭਾਗ ਲਿਆ। ਇਸ ਮੌਕੇ ਕਾਲਜ ਦੇ ਵੱਖ ਵੱਖ ਵਿਭਾਗਾਂ ਵੱਲੋਂ ਸੈਲਫੀ ਪੁਆਇੰਟ ਬਣਾਏ ਗਏ। ਜਿਹਨਾਂ ਵਿੱਚੋਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਭਾਗਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਕੋਆਡੀਨੇਟਰ ਡਾ. ਜਸਪ੍ਰੀਤ ਕੌਰ ਅਤੇ ਡਾ. ਦਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਮੰਚ ਸੰਚਾਲਨ ਡਾ. ਦਵਿੰਦਰ ਸਿੰਘ ਵੱਲੋਂ ਕੀਤਾ ਗਿਆ। ਸਾਰੀਆਂ ਗਤੀਵਿਧੀਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧੰਨਵਾਦੀ ਸ਼ਬਦ ਡਾ. ਜਸਪ੍ਰੀਤ ਕੌਰ ਨੇ ਬੋਲੇ। ਇਸ ਮੌਕੇ ਡਾ. ਜਤਿੰਦਰ ਸਿੰਘ, ਡਾ. ਰੂਪਕਮਲ ਕੌਰ, ਡਾ. ਨਵਜੋਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।