ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕਲਕੱਤਾ ਵਿਖੇ ਵਾਪਰੀ ਬਲਾਤਕਾਰ ਅਤੇ ਕਤਲ ਦੀ ਘਟਨਾ ਦੀ ਪੀੜਤਾ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਸਮਾਜ ਨੂੰ ਜਾਗਰੂਕ ਕਰਨ ਲਈ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਹ ਰੋਸ ਮਾਰਚ ਕਾਲਜ ਦੀ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਅਤੇ ਗੰਭੀਰ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਇਸ ਯਤਨਾਂ ਦਾ ਪ੍ਰਮਾਣ ਸੀ।ਕਾਲਜ ਦੇ ਸਟਾਫ਼ ਨੇ ਵੀ ਵਿਦਿਆਰਥੀਆਂ ਦੇ ਨਾਲ ਇਸ ਰੋਸ ਮਾਰਚ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਇਸ ਵਹਿਸ਼ੀ ਕਾਂਡ ਦੇ ਖ਼ਿਲਾਫ਼ ਅਪਣੇ ਗੁੱਸੇ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਰੋਸ ਮਾਰਚ ਵਿੱਚ ਸ਼ਾਮਲ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਇੱਕ ਮਹਿਲਾ ਟ੍ਰੇਨੀ ਡਾਕਟਰ ਨਾਲ ਹੋਏ ਇਸ ਸ਼ਰਮਨਾਕ ਵਰਤਾਰੇ ਦੀ ਕਰੜੀ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਨੂੰਨ ਵੱਲੋਂ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਭਵਿੱਖ ਵਿੱਚ ਮੁੜ ਇਹੋ ਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ।