ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਕੇ ਐਲ ਮੁਕਸਰੀ/ਕੁਲ ਭੂਸ਼ਨ ਚਾਵਲਾ)
ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ, ਦਫਤਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ।
ਮੀਟਿੰਗ ਦੌਰਾਨ ਉਨ੍ਹਾਂ ਖਾਦ ਵਿਕਰੇਤਾਵਾਂ ਪਾਸੋਂ ਮਾਰਕੀਟ ਵਿੱਚ ਡੀ ਏ ਪੀ, ਯੂਰੀਆ ਅਤੇ ਹੋਰ ਲੋੜੀਦੀਆਂ ਖਾਦਾਂ ਦੀ ਸਪਲਾਈ ਅਤੇ ਮਾਤਰਾ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਵਿਕਰੀ ਕਰਦੇ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣ ਚਾਹਿਆ ਵਸਤੂਆਂ ਟੈਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇਗੀ।
ਉਹਨਾਂ ਦੱਸਿਆ ਕਿ ਆਉਣ ਵਾਲੇ ਸੀਜ਼ਨ ਲਈ ਬੀਜ ਅਤੇ ਖਾਦਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਨਾਲ ਸੰਪਰਕ ਕੀਤਾ ਜਾਵੇ।
ਇਸ ਮੀਟਿੰਗ ਦੌਰਾਨ ਖਾਦ ਡੀਲਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।