ਸ੍ਰੀ ਫ਼ਤਹਿਗੜ੍ਹ ਸਾਹਿਬ/ 27 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ ,ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ , ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਂਡਨੈੱਸ ਐਂਡ ਵਿਜ਼ੂਅਲ ਇੰਮਪੇਅਰਮੈਂਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ 25 ਅਗਸਤ ਤੋਂ 8 ਸਤੰਬਰ ਤੱਕ 39ਵਾਂ ਆਈ ਡੋਨੇਸ਼ਨ ਕੌਮੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਜਿਲੇ ਅੰਦਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵਲੋਂ ਇੱਥੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਅੰਦਰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਕ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ ਘਰ ਜਾ ਕੇ ਆਮ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲਾ ਇਕ ਵਿਅਕਤੀ ਦੋ ਵਿਅਕਤੀਆਂ ਦੀ ਜ਼ਿੰਦਗੀ ਰੁਸ਼ਨਾ ਸਕਦਾ ਹੈ ਇਸ ਲਈ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਅੰਦਰਲੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ,ਸਕੂਲਾਂ, ਕਾਲਜਾਂ ਅਤੇ ਆਮ ਲੋਕਾਂ ਨੂੰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਅੱਖਾਂ ਦਾਨ ਕਰਨ ਦੇ ਫਾਰਮ ਵੀ ਭਰੇ ਜਾ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਸਿਹਤ ਕੇਂਦਰਾਂ ਵਿੱਚ ਤਾਇਨਾਤ ਅੱਖਾਂ ਦੇ ਮਾਹਰ ਡਾਕਟਰਾਂ ਵੱਲੋਂ ਇਸ ਪੰਦਰਵਾੜੇ ਦੌਰਾਨ ਅੱਖਾਂ ਦਾ ਵਿਸ਼ੇਸ਼ ਮੈਡੀਕਲ ਚੈੱਕ ਅਪ ਕੀਤਾ ਜਾਵੇਗਾ ਅਤੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਤੇ ਅੱਖਾਂ ਦੇ ਮਾਹਰ ਡਾ. ਜਸਪ੍ਰੀਤ ਸਿੰਘ ਬੇਦੀ, ਅਪਥਾਲਮਿਕ ਅਫਸਰ ਪ੍ਰਦੀਪ ਸਿੰਘ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗਗਨਦੀਪ ਸਿੰਘ ਤੋਂ ਇਲਾਵਾ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।