ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਅੰਦਰ 08 ਸਤੰਬਰ ਤੱਕ "ਕੌਮੀ ਅੱਖਾਂ ਦਾਨ ਪੰਦਰਵਾੜਾ" ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲਾ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਜੀਵਨ ਤੋਂ ਬਾਅਦ ਅੱਖਾਂ ਦਾਨ ਕਰਨ, ਕੋਰਨੀਅਲ ਅੰਨਾਪਣ ,ਕੋਰਨੀਅਲ ਟਰਾਂਸਪਲਾਂਟ, ਬਾਰੇ ਜਾਗਰੂਕ ਕਰਕੇ ਉਹਨਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇੱਕ ਵਿਅਕਤੀ ਜੀਵਨ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਕੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੁਸ਼ਨਾ ਸਕਦਾ ਹੈ। ਸਾਡੇ ਦੇਸ਼ ਅੰਦਰ ਕੋਰਨੀਆ ਦੀ ਮੰਗ ਦੇ ਮੁਕਾਬਲੇ ਦਾਨੀ ਬਹੁਤ ਘੱਟ ਹਨ ਜਿਸ ਕਰਕੇ ਦੇਸ਼ ਵਿੱਚ ਅੰਨਾਪਨ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ। ਉਹਨਾਂ ਕਿਹਾ ਕਿ ਅੱਖਾਂ ਦਾਨ ਸਿਰਫ ਜੀਵਨ ਤੋਂ ਬਾਅਦ ਹੀ ਹੁੰਦੀਆਂ ਹਨ ਜੋਂ ਮੌਤ ਦੇ ਚਾਰ ਤੋਂ ਛੇ ਘੰਟੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੀ ਉਮਰ ਵਿੱਚ ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਆਪਰੇਸ਼ਨ ਹੋਏ ਹੋਣ, ਅੱਖਾਂ ਵਿੱਚ ਲੈਂਜ ਪਾਏ ਹੋਣ ਤਾਂ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ।ਅੱਖਾਂ ਦੇ ਮਾਹਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਅੱਖਾਂ ਦੀਆਂ ਬਿਮਾਰੀਆਂ ਅਤੇ ਉਸਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਅੱਖਾਂ ਦਾਨ ਕਰਨ ਲਈ ਆਨਲਾਈਨ ਸਾਈਟ ਸਾਂਝੀ ਕਰਦੇ ਹੋਏ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਅਤੇ ਲੋੜ ਪੈਣ ਤੇ ਆਪਣੇ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕਰਨ ਲਈ ਵੀ ਕਿਹਾ। ਉਹਨਾਂ ਕਿਹਾ ਕਿ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ, ਅੱਖਾਂ ਉੱਤੇ ਗਿੱਲਾ ਤੇ ਸਾਫ ਕੱਪੜਾ ਰੱਖਿਆ ਜਾਵੇ, ਅਤੇ ਸਿਰ ਉੱਚਾ ਰੱਖਿਆ ਜਾਵੇ, ਉਹਨਾਂ ਦੱਸਿਆ ਕਿ ਆਈ ਬੈਂਕ ਦੀ ਟੀਮ ਵੱਲੋਂ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਏਡਜ, ਪੀਲੀਆ ,ਬਲੱਡ ਕੈਂਸਰ ,ਅਤੇ ਦਿਮਾਗੀ ਬੁਖਾਰ ਆਦਿ ਬਿਮਾਰੀਆਂ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ।ਇਸ ਮੌਕੇ ਤੇ ਅਪਥਾਲਮਿਕ ਅਫਸਰ ਪ੍ਰਦੀਪ ਸਿੰਘ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ ਆਦਿ ਹਾਜਰ ਸਨ।