ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਗਸਤ:
(ਰਵਿੰਦਰ ਸਿੰਘ ਢੀਂਡਸਾ)
450 ਸਾਲਾ ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ ਅਤੇ ਜੋਤੀ ਜੋਤ ਦਿਵਸ ਸ੍ਰੀ ਗੁਰੂ ਅਮਰਦਾਸ ਜੀ ਨੂੰ ਸਮਰਪਿਤ ਗਿਆਨ ਪ੍ਰਚੰਡ ਸੀਜ਼ਨ 2 ਪ੍ਰਸ਼ਨੋਤਰੀ ਮੁਕਾਬਲੇ 2024-2025 ਦੀ ਰਸਮੀ ਸ਼ੁਰੂਆਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਜੀ ਵੱਲੋਂ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਤੀ ਜਾ ਰਹੀ ਹੈ।ਸਕੱਤਰ ਵਿੱਦਿਆ ਇੰਜ ਸੁਖਮਿੰਦਰ ਸਿੰਘ, ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਸਦਕਾ ਇਹ ਸਮਾਗਮ ਉਲੀਕਿਆ ਗਿਆ। ਇਸ ਸਮਾਗਮ ਦੀ ਦੇਖ ਰੇਖ ਸਿਮਰਨਜੀਤ ਸਿੰਘ ਕੰਗ ਸਾਬਕਾ ਸਕੱਤਰ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ ਜਿਸ ਵਿੱਚ 51 ਸਕੂਲਾਂ ਤੋਂ ਆਏ 154 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ , ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ , ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵੀ ਸੀ ਡਾ. ਪ੍ਰਿਤਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਅਤੇ ਜੋਗਾ ਸਿੰਘ ਮੈਨੇਜਰ ਵੀ ਮੌਜ਼ੂਦ ਸਨ। ਜਥੇਦਾਰ ਜਗਦੀਪ ਸਿੰਘ ਚੀਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਸਾਲ ਸ਼ੁਰੂ ਕੀਤੇ ਗਏ ਗੁਰਬਾਣੀ ਅਤੇ ਇਤਿਹਾਸ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਕੇ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੱਡੇ ਇਨਾਮ ਜਿੱਤ ਚੁੱਕੇ ਹਨ। ਇਸ ਮੌਕੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਿਰਪ੍ਰਾਲ ਸਿੰਘ ਬਡੂੰਗਰ ਵੀ ਉਚੇਚੇ ਤੌਰ ਤੇ ਪਹੁੰਚੇ।