ਸ੍ਰੀ ਫ਼ਤਹਿਗੜ੍ਹ ਸਾਹਿਬ/3 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਪੂਰੇ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 4 ਲੱਖ 96 ਹਜ਼ਾਰ 450 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ’ਚ ਇਸ ਮੌਕੇ 20 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਥੋਂ ਹੁਣ ਤਕ 65,031 ਮਰੀਜ਼ਾਂ ਦੇ ਲੈਬ ਟੈਸਟ ਵੀ ਮੁਫ਼ਤ ਕੀਤੇ ਗਏ ਹਨ।ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਆਮ ਆਦਮੀ ਕਲੀਨਿਕ ਦਲੀਪ ਨਗਰ ਮੰਡੀ ਗੋਬਿੰਦਗੜ੍ਹ, ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ ਮੰਡੀ ਗੋਬਿੰਦਗੜ੍ਹ,ਆਮ ਆਦਮੀ ਕਲੀਨਿਕ ਛਲੇੜੀ ਖੁਰਦ, ਸੰਘੋਲ, ਨਬੀਪੁਰ, ਸੰਗਤਪੁਰ ਸੋਢੀਆਂ, ਮਾਲੋਵਾਲ, ਬਾੜਾ, ਭਮਾਰਸੀ, ਸਰਹਿੰਦ, ਨੰਦਪੁਰ ਕਲੌੜ, ਨੌਗਾਵਾਂ, ਭਗੜਾਣਾ, ਲਾਡਪੁਰ, ਤਲਾਣੀਆਂ, ਬਲਾੜੀ ਕਲਾਂ, ਮੂਲੇਪੁਰ, ਨਾਨੋਵਾਲ, ਭੜੀ ਅਤੇ ਅਮਲੋਹ ਸ਼ਾਮਲ ਹਨ। ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ 1 ਡਾਕਟਰ,1 ਫਾਰਮਾਸ਼ਿਸਟ,1 ਲੈਬ ਟੈਕਨੀਸ਼ੀਅਨ ਅਤੇ 1 ਹੈਲਪਰ ਡਿਊਟੀ 'ਤੇ ਤਾਇਨਾਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਖੇ ਆਨ-ਲਾਈਨ ਪੋਰਟਲ 'ਤੇ ਮਰੀਜਾਂ ਦੀ ਐਂਟਰੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਬਿਮਾਰੀ ਦਾ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ। ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਜਾਂਚ ਦਾ ਵੱਡਾ ਫ਼ਾਇਦਾ ਇਹ ਵੀ ਹੈ ਲੋਕਾਂ ਨੂੰ ਕਿਸੇ ਕਿਸਮ ਦੀ ਗੰਭੀਰ ਬਿਮਾਰੀ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਕਮਿਊਨਿਟੀ ਹੈਲਥ ਸੈਂਟਰ ਜਾਂ ਜ਼ਿਲ੍ਹਾ ਹਸਪਤਾਲ ਅਗਲੇਰੀ ਜਾਂਚ ਲਈ ਰੈਫ਼ਰ ਕੀਤਾ ਜਾਂਦਾ ਹੈ ਤਾਂ ਜੋ ਬਿਮਾਰੀ ਨੂੰ ਅੱਗੇ ਵਧਣ ਤੋਂ ਪਹਿਲੇ ਪੜਾਅ ’ਤੇ ਹੀ ਰੋਕਿਆ ਜਾ ਸਕੇ।ਆਮ ਆਦਮੀ ਕਲੀਨਿਕਾਂ ਵਿਖੇ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ।ਆਮ ਲੋਕਾਂ ਵੱਲੋਂ ਇਹਨਾਂ ਕਲੀਨਿਕਾਂ ਸਬੰਧੀ ਤਸੱਲੀ ਪ੍ਰਗਟਾਈ ਜਾ ਰਹੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਆਮ ਬਿਮਾਰੀਆਂ ਦੀ ਜਾਂਚ ਅਤੇ ਕਲੀਨਿਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਆਮ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।