ਸ੍ਰੀ ਫ਼ਤਹਿਗੜ੍ਹ ਸਾਹਿਬ/3 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਵੱਡਾ ਕਦਮ ਪੁੱਟਦਿਆਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ਕੀਤੇ ਜਾਣ ਨਾਲ 500 ਗਜ਼ ਤੱਕ ਦੇ ਪਲਾਟਾਂ ਲਈ ਰਜਿਸਟਰੀ ਵਾਸਤੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕਾਂ ਲਈ ਬਹੁਤ ਰਾਹਤ ਵਾਲਾ ਕਦਮ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿੰਨਾ ਧੰਨਵਾਦ ਤੇ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਇੱਥੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਆਮ ਲੋਕਾਂ ਤੇ ਪਾਰਟੀ ਵਰਕਰਾਂ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਕੀਤਾ ਗਿਆ ਤੇ ਲੱਡੂ ਵੀ ਵੰਡੇ ਗਏ। ਜ਼ਿਰਕਯੋਗ ਹੈ ਕਿ ਹਲਕਾ ਵਿਧਾਇਕ ਰਾਏ ਇਹ ਮੰਗ ਲਗਾਤਾਰ ਮੁੱਖ ਮੰਤਰੀ ਕੋਲ ਚੁੱਕਦੇ ਆ ਰਹੇ ਸਨ।ਹਲਕਾ ਵਿਧਾਇਕ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਇਸ ਨਾਲ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਹੀਂ ਹੋਣਾ ਪਵੇਗਾ।ਲੋਕਾਂ ਨੂੰ ਹੁਣ ਰਜਿਸਟਰੀ ਲਈ 500 ਗਜ਼ ਤੱਕ ਦੇ ਪਲਾਟ ਲਈ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪਵੇਗੀ।ਇਹ ਕਦਮ ਨਾਜਾਇਜ਼ ਕਲੋਨੀਆਂ 'ਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਤੇ ਇਸ ਨਾਲ ਘਰ ਬਣਾਉਣਾ ਸੁਖਾਲਾ ਹੋਵੇਗਾ।ਹਲਕਾ ਵਿਧਾਇਕ ਨੇ ਕਿਹਾ ਕਿ ਇਸ ਫੈਸਲੇ ਨਾਲ ਮਕਾਨ ਉਸਾਰੀ ਦੇ ਖੇਤਰ ਨੂੰ ਉਤਸ਼ਾਹ ਮਿਲੇਗਾ ਤੇ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਹੋਰ ਤੇਜ਼ ਹੋ ਹੋਵੇਗੀ ਤੇ ਲੋਕਾਂ ਦੀਆਂ ਵੱਡੀ ਗਿਣਤੀ ਮੁਸ਼ਕਲਾਂ ਦੂਰ ਹੋਣਗੀਆਂ। ਲੋਕਾਂ ਵੱਲੋਂ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ।ਹਲਕਾ ਵਿਧਾਇਕ ਨੇ ਕਿਹਾ ਕਿ ਮਕਾਨ ਹਰ ਇਕ ਇਨਸਾਨ ਦੀ ਬੁਨਿਆਦੀ ਲੋੜ ਹੈ, ਜਿਸ ਦੀ ਅਣਹੋਂਦ ਇਨਸਾਨ ਲਈ ਵੱਡੀ ਮੁਸ਼ਕਲ ਬਣਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਸਕਰਾਤਮਕ ਸੋਚ ਅਪਣਾ ਕੇ ਰੱਖਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਮਕਾਨਾਂ ਸਬੰਧੀ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਹਲਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ੀਸ਼ ਕੁਮਾਰ ਅੱਤਰੀ, ਗੁਰਸਤਿੰਦਰ ਸਿੰਘ ਜੱਲਾ, ਪਵੇਲ ਕੁਮਾਰ ਹਾਂਡਾ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਬਲਦੇਵ ਸਿੰਘ ਭੱਲ ਮਾਜਰਾ, ਬਹਾਦਰ ਖਾਨ ਪੀਏ, ਨੰਬਰਦਾਰ ਜਗਰੂਪ ਸਿੰਘ, ਹਰਬੰਤ ਸਿੰਘ, ਸਨੀ ਚੋਪੜਾ, ਹਰਮਿੰਦਰ ਸਿੰਘ ਕੰਗ, ਰਣਵੀਰ ਬਹਿਲੋਲਪੁਰ ਤੇ ਪਤਵੰਤੇ ਹਾਜ਼ਰ ਸਨ।