ਚੰਡੀਗੜ੍ਹ, 4 ਸਤੰਬਰ
ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਦੇ ਪ੍ਰਦਰਸ਼ਨਾਂ ਅਤੇ ਬੇਅਦਬੀ ਦੇ ਮੁੱਦਿਆਂ 'ਤੇ ਸਦਨ ਦੀਆਂ ਵਿਸ਼ੇਸ਼ ਬੈਠਕਾਂ ਰਾਹੀਂ ਚਰਚਾ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦਾ ਚੱਲ ਰਿਹਾ ਸੈਸ਼ਨ ਅੱਜ ਖਤਮ ਹੋ ਜਾਵੇਗਾ।
‘ਆਪ’ ਵਿਧਾਇਕ ਨੇ ਇਹ ਵੀ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸਦਨ ਵਿੱਚ ਕਾਨੂੰਨ ਬਣਾਇਆ ਜਾਵੇ।
ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਐਮ.ਐਸ.ਪੀ 'ਤੇ ਵਿਧਾਨ ਸਭਾ ਵਿਚ ਕਾਨੂੰਨ ਬਣਾਇਆ ਜਾ ਸਕਦਾ ਹੈ ਕਿਉਂਕਿ ਕੇਂਦਰ ਦੇ ਨਾਲ-ਨਾਲ ਇਹ ਰਾਜ ਦਾ ਵੀ ਵਿਸ਼ਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ 'ਤੇ ਵੀ ਵੱਖਰੀ ਬੈਠਕ ਦੀ ਲੋੜ ਹੈ ਕਿਉਂਕਿ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੱਲ ਨਹੀਂ ਹੋਇਆ ਹੈ |