ਭਵਾਨੀਗੜ੍ਹ, 4 ਸਤੰਬਰ (ਰਾਜ ਖੁਰਮੀ)
ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਦੀ ਅਗਵਾਈ ਵਿੱਚ ਸਿਹਤ ਬਲਾਕ ਭਵਾਨੀਗੜ੍ਹ ਅਧੀਨ 8 ਸਤੰਬਰ ਤੱਕ 39ਵਾਂ ਰਾਸ਼ਟਰੀ ਨੇਤਰਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸ਼ਹਿਰ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਆਮ ਲੋਕਾਂ ਨੂੰ ਇਸ ਪੰਦਰਵਾੜਾ ਸੰਬੰਧੀ ਜਾਗਰੂਕ ਕੀਤਾ ਗਿਆ।
ਗੁਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ, ਕਿਉਂਕਿ ਦਿ੍ਰਸ਼ਟੀਹੀਣਤਾ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ ਕੌਰਨੀਆ ਸੰਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ। ਉਨ੍ਹਾਂ ਦੱਸਿਆ ਕਿ ਕੌਰਨੀਆ ਇੱਕ ਪਾਰਦਰਸ਼ੀ ਪਰਦਾ ਹੈ, ਜੋ ਅੱਖ ਦੇ ਸਾਹਮਣੇ ਹੁੰਦਾ ਹੈ ਅਤੇ ਉਸ ਨੂੰ ਕਵਰ ਕਰਦਾ ਹੈ। ਇਹ ਇੱਕ ਖਿੜਕੀ ਵਾਂਗ ਹੈ, ਜਿਸ ਕਾਰਨ ਰੌਸ਼ਨੀ ਅੱਖ ਦੇ ਅੰਦਰ ਜਾਂਦੀ ਹੈ। ਬਿਮਾਰੀ, ਸੱਟ, ਕੁਪੋਸ਼ਣ ਅਤੇ ਇੰਫ਼ੈਕਸ਼ਨ ਦੇ ਕਾਰਨ ਕੌਰਨੀਆ ਧੁੰਦਲਾ ਹੋ ਸਕਦਾ ਹੈ ਅਤੇ ਨਜ਼ਰ ਘਟ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸ਼ਨ (ਜਿਸਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੌਰਨੀਆ ਦੀ ਥਾਂ 'ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ।ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਤੇ ਲੋੜਵੰਦਾਂ ਨੂੰ ਦਿ੍ਰਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਪ?ਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ -ਨਾਲ ਅੱਖਾਂ ਦੇ ਦਾਨ ਸਬੰਧੀ ਰਜਿਸਟ੍ਰੇਸ਼ਨ ਫ਼ਾਰਮ ਵੀ ਭਰੇ ਜਾਣਗੇ। ਇਸ ਮੌਕੇ ਬਲਦੇਵ ਸਿੰਘ ਹਾਜਰ ਸਨ ।