ਅੰਮ੍ਰਿਤਸਰ, 6 ਸਤੰਬਰ
ਪੰਜਾਬ ਦੀ ਅਕਾਲੀ ਸਰਕਾਰ ਦੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਸੀ, ਜਿਸ ਅਨੁਸਾਰ ਉਸ ਵੇਲੇ ਦੇ ਸਾਰੇ ਮੰਤਰੀ ਆਪਣੇ-ਆਪਣੇ ਸਪੱਸ਼ਟੀਕਰਨ ਦੇ ਰਹੇ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਾਡੇ ਸਭ ਦੇ ਸਾਹਮਣੇ ਹੈ ਅਤੇ ਅਸੀਂ ਇੱਥੇ ਆਪਣਾ ਸਪੱਸ਼ਟੀਕਰਨ ਦੇਣ ਆਏ ਹਾਂ। ਹੁਣ ਰਾਮ ਰਹੀਮ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਖੁਦ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਹਨ ਅਤੇ ਜ਼ਿਲ੍ਹਾ ਗੁਰਦਾਸਪੁਰ 'ਚ ਰਾਮ ਰਹੀਮ ਦਾ ਕੋਈ ਡੇਰਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਗੁਰੂ ਘਰ ਨਾਲ ਟਕਰਾਏਗਾ, ਉਹੀ ਵਿਅਕਤੀ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੋਵੇਗਾ।