ਕੁਲਬੀਰ ਸਿੰਘ
ਅੰਮ੍ਰਿਤਸਰ 7 ਸਤੰਬਰ :
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਤਰਸਿੱਕਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ।
ਸ.ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਖੇਡਾਂ ਵਿੱਚ ਵਧੀਆ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਹੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ ਦਿੱਤੇ ਜਾਣਗੇ। ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਦੀ ਵੀ ਹੈ। ਉਹਨਾਂ ਹੋਰ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਲਾਣਤਾਂ ਤੋਂ ਦੂਰ ਰਹਿ ਸਕਦੇ ਹਨ।
ਕੈਬਨਟ ਮੰਤਰੀ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ, ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੌਸ਼ਨ ਕਰ ਸਕਦੇ ਹਨ।
ਇਸ ਮੌਕੇ ਜਿਲਾ ਖੇਡ ਅਫਸਰ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਗਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। ਇਸ ਮੌਕੇ ਡੀਐਸਪੀ ਰਵਿੰਦਰ ਸਿੰਘ, ਬਲਾਕ ਪ੍ਰਧਾਨ ਬਲਰਾਜ ਸਿੰਘ, ਗੁਰਜਿੰਦਰ ਸਿੰਘ, ਜਰਮਨ ਸਿੰਘ , ਭੁਪਿੰਦਰ ਸਿੰਘ, ਚੇਅਰਮੈਨ ਛਣਾਕ ਸਿੰਘ, ਗੁਰਮੁਖ ਸਰਜਾ, ਪਿ੍ਰੰਸੀਪਲ ਸਰਕਾਰੀ ਸੀ ਸੇ ਸਕੂਲ ਤਰਸਿੱਕਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।