ਸ੍ਰੀ ਫ਼ਤਹਿਗੜ੍ਹ ਸਾਹਿਬ/18 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੀਆਂ ਗਤਕਾ ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ਦੀ ਆਰੰਭਤਾ, ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਹੋਈ।ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ 7 ਖਿਡਾਰੀਆਂ ਨੇ ਗਤਕਾ ਪ੍ਰਦਰਸ਼ਨੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗਤਕਾ ਫਾਈਟ ਮੁਕਾਬਲੇ ਵਿਚ ਗਤਕਾ ਖ਼ਿਡਾਰੀ ਸੁਖਜਿੰਦਰ ਸਿੰਘ ਵਿਭਾਗ ਸਰੀਰਕ ਸਿੱਖਿਆ ਅਤੇ ਖੇਡ ਟੈਕਨੋਲਜੀ ਤੇ ਨੇ ਤੀਜਾ ਸਥਾਨ ਹਾਸਿਲ ਕੀਤਾ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਪ੍ਰਿਤ ਪਾਲ ਸਿੰਘ ਨੇ ਗੱਤਕਾ ਟੀਮ ਅਤੇ ਕੋਚ ਤਲਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਰਾਸ਼ਟਰੀ ਪੱਧਰ ਤੇ ਕਈ ਚੈਂਪੀਅਨਸ਼ਿਪ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵਿਖੇ ਗੱਤਕਾ ਦਾ ਡਿਪਲੋਮਾ ਕੋਰਸ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਦੀ ਮੁਕੰਮਲ ਫੀਸ ਸਰਬੱਤ ਦਾ ਭਲਾ ਚੈਰਿਟੇਬਲ ਟਰਸਟ ਵਲੋਂ ਦਿੱਤੀ ਜਾਂਦੀ ਹੈ।