ਸ੍ਰੀ ਫ਼ਤਹਿਗੜ੍ਹ ਸਾਹਿਬ/ 18 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ,ਲੋਕਾਂ ਤੋਂ ਖੋਹੇ ਮੋਬਾਈਲ ਫੋਨ ਅਤੇ ਵਾਰਦਾਤ 'ਚ ਵਰਤੇ ਹਥਿਆਰ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਥਾਣਾ ਮੰਡੀ ਗੋਬਿੰਦਗੜ੍ਹ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖਬਰੀ ਮਿਲੀ ਸੀ ਕਿ ਰਾਕੇਸ਼ ਕੁਮਾਰ,ਰੇਸ਼ਮ ਸਿੱਧੂ,ਮਨੋਜ ਸਿੰਘ,ਬੁੱਧੂ ਨਾਥ ਅਤੇ ਅਰਜਨ ਸਿੰਘ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਜੋ ਕਿ ਇਸ ਸਮੇਂ ਪਿੰਡ ਲਾਡਪੁਰ ਦੀ ਢੱਕੀ ਕੋਲ ਬੈਠ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ।ਮਿਲੀ ਜਾਣਕਾਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਪੁਲਿਸ ਪਾਰਟੀ ਵੱਲੋਂ ਮੌਕੇ 'ਤੋਂ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਬਿਨਾਂ ਨੰਬਰੀ ਮੋਟਰਸਾਈਕਲ,ਹਥਿਆਰ ਅਤੇ ਖੋਹੇ ਹੋਏ ਮੋਬਾਈਲ ਫੋਨ ਬਰਾਮਦ ਹੋਏ।ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਅ/ਧ 310(4),310(5) ਬੀ.ਐਨ.ਐਸ. ਅਤੇ 25/54/59 ਅਸਲਾ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਰਕੇਸ਼ ਕੁਮਾਰ,ਰੇਸ਼ਮ ਸਿੱਧੂ,ਮਨੋਜ ਸਿੰਘ,ਬੁੱਧੂ ਨਾਥ ਅਤੇ ਅਰਜਨ ਸਿੰਘ ਵਾਸੀਆਨ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।