ਸ੍ਰੀ ਫ਼ਤਹਿਗੜ੍ਹ ਸਾਹਿਬ/19 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਬਲਾੜ੍ਹੀ ਖੁਰਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਤੇ ਅਜਿਹਾ ਪਿਛਲੇ 30 ਸਾਲਾਂ ਦੌਰਾਨ ਪਹਿਲੀ ਵਾਰ ਹੋਇਆ ਹੈ, ਜਿਹੜੀ ਕਿ ਬਹੁਤ ਹੀ ਵਧੀਆ ਪਿਰਤ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਚਾਹੁੰਦੀ ਹੈ। ਇਸੇ ਤਹਿਤ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਜਾ ਸਕੇ। ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਿਆਸੀ ਮੰਤਵਾਂ ਹਿਤ ਪਿੰਡਾਂ ਵਿੱਚ ਪਾਰਟੀਬਾਜ਼ੀ ਦੇ ਆਧਾਰ 'ਤੇ ਫੁੱਟ ਪਵਾ ਦਿੱਤੀ ਗਈ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪੈਂਦਾ ਹੈ।ਉਹਨਾਂ ਕਿਹਾ ਕਿ ਇਹ ਸੁਸਾਇਟੀਆਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਹੁੰਦੀਆਂ ਹਨ। ਪਿੰਡਾਂ ਨਾਲ ਸਬੰਧਿਤ ਜ਼ਿਆਦਾਤਰ ਲੋਕ ਕਿਸਾਨੀ ਦੇ ਨਾਲ ਜੁੜੇ ਹੁੰਦੇ ਹਨ, ਇਸ ਲਈ ਅਜਿਹੀਆਂ ਸਾਂਝੀਆਂ ਥਾਵਾਂ 'ਤੇ ਪਾਰਟੀਬਾਜ਼ੀ ਨਹੀਂ ਕਰਨੀ ਚਾਹੀਦੀ। ਹਲਕਾ ਵਿਧਾਇਕ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਚੋਣ ਤਹਿਤ ਜਸਵੀਰ ਸਿੰਘ ਈਸਰਹੇਲ ਨੂੰ ਸਰਬ ਸੰਮਤੀ ਦੇ ਨਾਲ ਪ੍ਰਧਾਨ ਚੁਣਿਆ ਗਿਆ ਹੈ, ਜਦਕਿ ਜਸਵਿੰਦਰ ਸਿੰਘ ਬਲਾੜ੍ਹੀ ਕਲਾਂ ਸੀਨੀਅਰ ਮੀਤ ਪ੍ਰਧਾਨ, ਗੁਰਮੁੱਖ ਸਿੰਘ ਬਲਾੜ੍ਹੀ ਕਲਾਂ ਮੀਤ ਪ੍ਰਧਾਨ, ਹਰਜਿੰਦਰ ਸਿੰਘ ਭੈਰੋਂਪੁਰ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਸਭਾ ਦੇ ਸਮੁੱਚੇ ਮੈਂਬਰ ਅਤੇ ਇਲਾਕਾ ਵਾਸੀ ਹਾਜ਼ਰ ਸਨ।