ਚੰਡੀਗੜ੍ਹ, 20 ਸਤੰਬਰ
ਸੂਬੇ ਭਰ ਦੀਆਂ 13,241 ਪੰਚਾਇਤਾਂ ਦੀਆਂ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਦੇਰ ਰਾਤ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।
ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ, “ਰਾਜਪਾਲ ਨੂੰ ਇਹ ਨਿਰਦੇਸ਼ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਆਮ ਚੋਣਾਂ 20 ਅਕਤੂਬਰ, 2024 ਤੱਕ ਕਰਵਾਈਆਂ ਜਾਣਗੀਆਂ।
ਵਿਭਾਗ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ, ਜੋ ਬਦਲੇ ਵਿੱਚ ਚੋਣਾਂ ਲਈ ਸ਼ਡਿਊਲ ਜਾਰੀ ਕਰੇਗਾ। ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਇਸ ਹਫਤੇ ਹੀ ਲਾਗੂ ਹੋਣ ਦੀ ਉਮੀਦ ਹੈ।
ਸੂਬਾ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਹੋ ਸਕਦੀਆਂ ਹਨ। ਬਾਅਦ ਵਿੱਚ 150 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਲਈ ਵੋਟਾਂ ਪੈਣਗੀਆਂ।