ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆਂ ਜਾਂਦਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਨੁੰ ਘਰ-ਘਰ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਸਮੂਹ ਪੱਤਰਕਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਪੂਰਨ ਸਹਿਯੋਗ ਦੇਣ ਤਾਂ ਜੋ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਕੀਤੀ ਪਹਿਲੀ ਮਿਲਣੀ ਮੌਕੇ ਸੰਬੋਧਨ ਕਰਦੇ ਹੋਏ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਇਹ ਤਰਜ਼ੀਹ ਰਹੇਗੀ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਵਜ੍ਹਾ ਗੇੜੇ ਨਾ ਮਾਰਨੇ ਪੈਣ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ.ਐਮ. ਵਿੰਡੋ ਵੀ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।ਡਾ. ਸੋਨਾ ਥਿੰਦ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਵਾਰ ਸ਼ਹੀਦੀ ਸਭਾ ਦੌਰਾਨ ਹੋਰ ਵੀ ਬਿਹਤਰ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਹੋਰ ਬਿਹਤਰ ਪ੍ਰਬੰਧ ਕਰਨ ਸਬੰਧੀ ਮੀਡੀਆ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਸਮੇਂ-ਸਮੇਂ ਜ਼ਿਲ੍ਹੇ ਨਾਲ ਸਬੰਧਤ ਜੋ ਵੀ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਉਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਉਨ੍ਹਾਂ ਪੱਤਰਕਾਰਾਂ ਵੱਲੋਂ ਦੱਸੀਆਂ ਸ਼ਹਿਰ ਨਾਲ ਸਬੰਧਤ ਸਮੱਸਿਆਵਾਂ ਨੂੰ ਗਹੁ ਨਾਲ ਸੁਣਿਆ ਅਤੇ ਹਰੇਕ ਮਸਲੇ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਸਮੇਤ ਮੀਡੀਆ ਕਰਮੀਆਂ ਨੂੰ ਜੇਕਰ ਪ੍ਸ਼ਾਸ਼ਨਿਕ ਪੱਧਰ ਤੇ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਉਨ੍ਹਾਂ ਨੂੰ ਜਾਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਅਖ਼ਬਾਰਾਂ ਅਤੇ ਚੈਨਲਾਂ ਦੇ ਪ੍ਰਤੀਨਿਧੀ ਵੀ ਮੌਜ਼ੂਦ ਸਨ।