ਸ੍ਰੀ ਫ਼ਤਹਿਗੜ੍ਹ ਸਾਹਿਬ/ 24 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਨਿਸ਼ਾਨ ਤੇ ਨਾ ਲੜਨ ਬਾਰੇ ਕੀਤੇ ਗਿਆ ਫੈਸਲਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਇਸ ਨਾਲ ਪਿੰਡਾਂ ਵਿੱਚੋਂ ਧੜ੍ਹੇਬੰਦੀ ਖ਼ਤਮ ਹੋਵੇਗੀ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਵੀ ਤੇਜੀ ਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜਿਹੜੇ ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਜਾਵੇਗੀ ਉਨ੍ਹਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਦਿੱਤੀ ਜਾਵੇਗੀ। ਸੌਂਦ ਨੇ ਸਰਕਾਰ ਵਿੱਚ ਮੰਤਰੀ ਵਜੋਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਣ ਤੇ ਜਿਥੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ ਉਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੰਚਾਇਤੀ ਚੋਣਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੁਣਿਆਂ ਜਾਵੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਵਾਰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਨੌਜਵਾਨਾਂ ਦੇ ਪੰਚਾਇਤਾਂ ਵਿੱਚ ਸ਼ਾਮਲ ਹੋਣ ਨਾਲ ਪਿੰਡਾਂ ਦਾ ਵਿਕਾਸ ਆਧੁਨਿਕ ਢੰਗ ਤਰੀਕਿਆਂ ਨਾਲ ਹੋਰ ਵੀ ਬਿਹਤਰ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਨੂੰ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰਾਜਨੀਤੀ ਵਿੱਚ ਆਉਣ ਤਾਂ ਜੋ ਸੂਬੇ ਨੂੰ ਹੋਰ ਵੀ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਰਾਜਨੀਤੀ ਵਿੱਚ ਆਉਣ ਨਾਲ ਸੂਬੇ ਦੀ ਨੁਹਾਰ ਬਦਲੇਗੀ ਤੇ ਇੱਕ ਨਵੀਂ ਸੋਚ ਨਾਲ ਸੂਬੇ ਨੂੰ ਹੋਰ ਵੀ ਤਰੱਕੀਆਂ ਤੇ ਪਹੁੰਚਾਇਆ ਜਾ ਸਕੇਗਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਮਨਰੀਤ ਸਿੰਘ ਨਾਗਰਾ, ਬਰਮਿੰਦਰ ਸਿੰਘ ਓਬਰਾਏ, ਮਹੇਸ਼ ਕੁਮਾਰ, ਰਮੇਸ਼ ਕੁਮਾਰ ਸੋਨੂ, ਕੌਂਸਲਰ ਆਸ਼ਾ ਰਾਣੀ, ਸੁਭਾਸ ਸੂਦ, ਪਾਵੇਲ ਹਾਂਡਾ, ਬੰਟੀ ਸਰਹਿੰਦ, ਤਰਸੇਮ ਖੁੱਲਰ, ਰਜੇਸ਼ ਕੁਮਾਰ ਸਰਹਿੰਦ ਅਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।