ਸ੍ਰੀ ਫ਼ਤਹਿਗੜ੍ਹ ਸਾਹਿਬ/27 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਫ਼ਤਹਿਗੜ੍ਹ ਸਾਹਿਬ ਜ਼ੋਨ ਵਿੱਚ ਅਕਤੂਬਰ ਮਹੀਨੇ ਹੋਣ ਵਾਲੇ ਯੁਵਕ ਮੇਲੇ ਦੀ ਤਿਆਰੀ ਦੇ ਮੱਦੇਨਜ਼ਰ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਬਿਹਤਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਬੰਧਤ ਯੁਵਕ ਮੇਲੇ ਵਿੱਚ ਮੁਕਾਬਲਿਆਂ ਲਈ ਭੇਜਿਆ ਜਾਵੇਗਾ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਹਨਾਂ ਕਿਹਾ ਕਿ ਵਿਰਸਾ ਹਰ ਇੱਕ ਕੌਮ ਦਾ ਵੱਡਾ ਸਰਮਾਇਆ ਹੁੰਦਾ ਹੈ ਜਿਸ ਨਾਲ ਉਹ ਆਪਣੀ ਵੱਖਰੀ ਪਛਾਣ ਸਥਾਪਿਤ ਕਰਦੇ ਹਨ ਅਤੇ ਵਿਰਸੇ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ। ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਲੋਕ ਗੀਤ, ਕਵਾਲੀ, ਭੰਗੜਾ, ਗਿੱਧਾ ਅਤੇ ਫੋਕ ਆਰਕੈਸਟਰਾਂ ਵਰਗੀਆਂ ਵੱਖ - ਵੱਖ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਪ੍ਰੋਗਰਾਮ ਦਾ ਪ੍ਰਬੰਧ ਯੂਥ ਕੋਆਰਡੀਨੇਟ ਡਾ. ਜਸਪ੍ਰੀਤ ਕੌਰ ਅਤੇ ਡਾ. ਜਤਿੰਦਰ ਸਿੰਘ (ਰਾਜਨੀਤੀ ਸ਼ਾਸਤਰ ਵਿਭਾਗ) ਵੱਲੋਂ ਕੀਤਾ ਗਿਆ ਅਤੇ ਮੰਚ ਸੰਚਾਲਨ ਦੀ ਜ਼ੁੰਮੇਵਾਰੀ ਡਾ. ਦਵਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਮੌਜ਼ੂਦ ਸੀ।