ਸ੍ਰੀ ਫ਼ਤਹਿਗੜ੍ਹ ਸਾਹਿਬ/27 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਕੂਲ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ (ਐਸ.ਏ.ਐਸ.ਟੀ.) ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਡਾ: ਪਰਦੀਪ ਕੁਮਾਰ ਜੁਨੇਜਾ, ਡੀਨ, ਐਸ.ਏ.ਐਸ.ਟੀ ਦੁਆਰਾ ਆਯੋਜਿਤ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਭਾਗ ਲਿਆ। ਇਸ ਸਮਾਗਮ ਦਾ ਉਦਘਾਟਨ ਯੂਨੀਵਰਸਿਟੀ ਦੇ ਡਾਇਰੈਕਟਰ (ਮੁਖੀ ਖੋਜ ਵਿਭਾਗ) ਡਾ: ਡਿੰਪਲ ਸ਼ਰਮਾ ਨੇ ਕੀਤਾ। ਡਾ: ਜੁਨੇਜਾ ਨੇ ਦੱਸਿਆ ਕਿ ਇਹ ਮੁਹਿੰਮ ਵੱਖ-ਵੱਖ ਕਾਰਨਾਂ ਕਰਕੇ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਾਡੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਰੁੱਖ ਵਾਤਾਵਰਨ ਦੇ ਫੇਫੜੇ ਹਨ ਜੋ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ। ਡਾ: ਡਿੰਪਲ ਸ਼ਰਮਾ ਨੇ ਲਗਾਏ ਗਏ ਬੂਟਿਆਂ ਦੀ ਦੇਖਭਾਲ ਅਤੇ ਸਾਂਭ-ਸੰਭਾਲ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾ: ਪੱਲਵੀ ਘੋਸ਼ (ਮੁਖੀ ਵਿਭਾਗ) ਨੇ ਅਭਿਆਨ ਤਹਿਤ ਲਗਾਏ ਜਾ ਰਹੇ ਰੁੱਖਾਂ ਦੀ ਮਹੱਤਤਾ ਨੂੰ ਸਾਂਝਾ ਕੀਤਾ। ਇਸ ਮੁਹਿੰਮ ਲਈ ਵਣ ਵਿਭਾਗ ਦੇ ਫੈਕਲਟੀ ਮੈਂਬਰ ਡਾ: ਸਮਨਪ੍ਰੀਤ ਸਿੰਘ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਭਾਗੀਦਾਰਾਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਕਿਸਮਾਂ ਦੇ ਰੁੱਖਾਂ ਦੇ ਬੂਟੇ ਲਗਾਏ। ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਉਪਰੰਤ ਪ੍ਰਬੰਧਕਾਂ ਨੇ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ।