ਸ੍ਰੀ ਫ਼ਤਹਿਗੜ੍ਹ ਸਾਹਿਬ/27 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਜਿਲੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਲਈ ਜਿਲੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਮਹੀਨਾਵਾਰੀ ਮੀਟਿੰਗ ਬੁਲਾਈ।ਮੀਟਿੰਗ ਦੌਰਾਨ ਉਹਨਾਂ ਸਿਹਤ ਸੰਸਥਾਵਾਂ ਦੀਆਂ ਮਹੀਨਾਵਾਰੀ ਰਿਪੋਰਟਾਂ ਵਾਚੀਆਂ ਅਤੇ ਸੂਬਾ ਪੱਧਰ ਤੋਂ ਮਿਲੀਆਂ ਨਵੀਆਂ ਗਾਈਡਲਾਈਨਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਦੀ ਦੇਖਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੰਸਥਾ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਓਪੀਡੀ ਸਲਿਪ ਬਣਾਉਣ ਲਈ ਜਿਆਦਾ ਸਮਾਂ ਨਾ ਲਗਾਇਆ ਜਾਵੇ । ਉਹਨਾਂ ਕਿਹਾ ਕਿ ਇੰਪੈਨਲਡ ਹਸਪਤਾਲਾਂ ਦੀਆਂ ਲਿਸਟਾਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲਗਾਈਆਂ ਜਾਣ ਅਤੇ ਆਪ ਲੋਕਾਂ ਨੂੰ ਇਨਾ ਸੰਬੰਧੀ ਜਾਗਰੂਕ ਕੀਤਾ ਜਾਵੇ। ਖਾਸ ਕਰਕੇ ਗਰਭਵਤੀ ਔਰਤਾਂ ਦਾ ਅਲਟਰਾਸਾਊਂਡ ਜੇ.ਐਸ.ਐਸ.ਕੇ ਸਕੀਮ ਅਧੀਨ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ ਤੋਂ ਹੀ ਕਰਵਾਇਆ ਜਾਵੇ,। ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਆਮ ਲੋਕਾ ਨੂੰ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਟੀਬੀ ਦੇ ਮਰੀਜ਼ਾਂ ਨੂੰ ਅਡੋਪਟ ਕਰਾਉਣ ਲਈ ਵੱਧ ਤੋਂ ਵੱਧ ਨਿਕਸੇ ਮਿੱਤਰ ਬਣਾਏ ਜਾਣ ਤਾਂ ਜੋ ਮਰੀਜ਼ਾਂ ਦੀ ਖੁਰਾਕ ਦਾ ਖਿਆਲ ਰੱਖਦੇ ਹੋਏ ਉਹਨਾਂ ਦਾ ਇਲਾਜ ਮੁਕੰਮਲ ਕੀਤਾ ਜਾ ਸਕੇ। ਡਾ. ਦਵਿੰਦਰਜੀਤ ਕੌਰ ਨੇ ਇਹ ਵੀ ਕਿਹਾ ਕਿ ਆਪੋ ਆਪਣੀ ਸੰਸਥਾ ਦੇ ਨਿਰਧਾਰਤ ਟੀਚੇ ਸਮੇਂ ਸਿਰ ਹਰ ਹਾਲਤ ਵਿੱਚ ਪੂਰੇ ਕੀਤੇ ਜਾਣ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ,ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਡੀਪੀਐਮ ਕਸੀਤਿਜ ਸੀਮਾ ਤੋਂ ਇਲਾਵਾ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।