ਕੋਲਕਾਤਾ, 7 ਅਕਤੂਬਰ
ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ ਦੇ ਖੈਰਾਸੋਲੇ 'ਚ ਸੋਮਵਾਰ ਦੁਪਹਿਰ ਨੂੰ ਇਕ ਨਿੱਜੀ ਸੰਸਥਾ ਦੀ ਮਾਲਕੀ ਵਾਲੀ ਕੋਲੇ ਦੀ ਖਾਨ 'ਚ ਹੋਏ ਭਿਆਨਕ ਧਮਾਕੇ 'ਚ ਘੱਟੋ-ਘੱਟ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।
ਸਥਾਨਕ ਪ੍ਰਸ਼ਾਸਨ ਨੂੰ ਸ਼ੱਕ ਹੈ ਕਿ ਧਮਾਕੇ ਕਾਰਨ ਜ਼ਮੀਨ ਖਿਸਕਣ ਤੋਂ ਬਾਅਦ ਖਾਣਾਂ ਅੰਦਰ ਹੋਰ ਮਾਈਨਰਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਵਿੱਚ ਮਾਰੇ ਗਏ ਕੁਝ ਲੋਕਾਂ ਦੀਆਂ ਲਾਸ਼ਾਂ ਦੇ ਟੁਕੜੇ ਹੋ ਗਏ ਸਨ।
ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਜ਼ਖ਼ਮੀ ਮਾਈਨਰਾਂ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
ਬਚਾਅ ਕਾਰਜਾਂ 'ਚ ਲੱਗੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਲੇ ਦੀ ਖੁਦਾਈ ਲਈ ਜ਼ਰੂਰੀ ਧਮਾਕੇ ਜ਼ਰੂਰੀ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੇ ਬਿਨਾਂ ਬੇਢੰਗੇ ਢੰਗ ਨਾਲ ਕੀਤੇ ਗਏ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਜਦੋਂ ਤੱਕ, ਇਹ ਰਿਪੋਰਟ ਦਰਜ ਕੀਤੀ ਗਈ ਸੀ, ਉਦੋਂ ਤੱਕ ਗੰਗਾਰਾਮਚਕ ਮਾਈਨਿੰਗ ਪ੍ਰਾਈਵੇਟ ਲਿਮਟਿਡ (ਜੀਐਮਪੀਐਲ), ਜੋ ਕਿ ਖਾਨ ਦਾ ਸੰਚਾਲਨ ਕਰਦੀ ਹੈ, ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਸੀ।
ਇਸ ਦੌਰਾਨ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਮਾਈਨਿੰਗ ਕਰਨ ਵਾਲੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸਥਾਨਕ ਲੋਕਾਂ ਨੇ ਖਦਾਨ ਨੇੜੇ ਪਹੁੰਚ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਧਮਾਕੇ ਤੋਂ ਬਾਅਦ ਉੱਚ ਪ੍ਰਸ਼ਾਸਨ ਨੇ ਜ਼ਿੰਮੇਵਾਰੀ ਲੈਣ ਅਤੇ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੀ ਬਜਾਏ ਉਸ ਜਗ੍ਹਾ ਨੂੰ ਛੱਡ ਦਿੱਤਾ ਹੈ।
ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਵੱਡੀ ਪੁਲਿਸ ਫੋਰਸ ਵੀ ਮੌਕੇ 'ਤੇ ਪਹੁੰਚ ਗਈ ਹੈ।
ਧਮਾਕੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ।