ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਲੱਗਦੀਆਂ ਨਾਜਾਇਜ਼ ਰੇੜੀਆਂ-ਫੜ੍ਹੀਆਂ ਕਾਰਨ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜਾਤ ਦਵਾਉਣ ਲਈ ਸ਼ਹਿਰੀ ਖੇਤਰਾਂ ਵਿੱਚ ਨਾਜਾਇਜ਼ ਰੇੜੀਆਂ-ਫੜ੍ਹੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀਆਂ ਸਹੂਲਤਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਕੀਤਾ।ਵਧੀਕ ਡਿਪਟੀ ਕਮਿਸ਼ਨਰ, ਗੀਤਿਕਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਵਿਸ਼ੇਸ਼ ਮੁਹਿੰਮਾਂ ਚਲਾ ਕੇ ਨਾਜਾਇਜ਼ ਰੇੜੀਆਂ- ਫੜ੍ਹੀਆਂ ਨੂੰ ਹਟਾਇਆ ਜਾਂਦਾ ਹੈ ਅਤੇ ਉਹਨਾਂ ਦੇ ਚਲਾਨ ਵੀ ਕੀਤੇ ਜਾਂਦੇ ਹਨ। ਇਸ ਦੇ ਨਾਲ-ਨਾਲ ਨਾਜਾਇਜ਼ ਰੇੜੀਆਂ- ਫੜ੍ਹੀਆਂ ਲਾਉਣ ਵਾਲਿਆਂ ਨੂੰ ਚੇਤਾਵਨੀ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੇ ਆਪ ਹੀ ਉਹਨਾਂ ਥਾਵਾਂ ਤੋਂ ਪਾਸੇ ਹੋ ਜਾਣ ਜਿੱਥੇ ਰੇੜੀਆਂ-ਫੜ੍ਹੀਆਂ ਕਾਰਨ ਲੋਕਾਂ ਨੂੰ ਸਮੱਸਿਆਵਾਂ ਆਉਂਦੀਆਂ ਹਨ। ਗੀਤਿਕਾ ਸਿੰਘ ਨੇ ਦੱਸਿਆ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਪਹਿਲਾਂ ਪੂਰੇ ਜ਼ਿਲ੍ਹੇ ਦੇ ਵਿੱਚ ਨਾਜਾਇਜ਼ ਢੰਗ ਨਾਲ ਰੇੜੀਆਂ-ਫੜ੍ਹੀਆਂ ਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਜਾਵੇਗੀ। ਉਪਰੰਤ ਉਹਨਾਂ ਖ਼ਿਲਾਫ਼ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਗੀਤਿਕਾ ਸਿੰਘ ਨੇ ਕਿਹਾ ਕਿ ਭੀੜੇ ਬਾਜ਼ਾਰਾਂ ਵਿੱਚ ਨਾਜਾਇਜ਼ ਰੇੜੀਆਂ-ਫੜ੍ਹੀਆਂ ਲੱਗਣ ਕਾਰਨ ਵੱਡੀਆਂ ਟ੍ਰੈਫਿਕ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ, ਜਿਨ੍ਹਾਂ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਗੱਲ ਯਕੀਨ ਨਹੀਂ ਬਣਾਈ ਜਾਵੇਗੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇੜੀਆਂ- ਫੜ੍ਹੀਆਂ ਵਾਲਿਆਂ ਵੱਲੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।