ਸ੍ਰੀ ਫ਼ਤਹਿਗੜ੍ਹ ਸਾਹਿਬ/18 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ
ਪੰਜਾਬ ਸਰਕਾਰ ਸੂਬੇ ਦਾ ਵਿਕਾਸ ਪਾਰਟੀਬਾਜ਼ੀ ਅਤੇ ਗੁੱਟਬਾਜ਼ੀ ਤੋਂ ਉੱਪਰ ਉੱਠ ਕੇ ਕਰਵਾ ਰਹੀ ਹੈ। ਇਸੇ ਦੇ ਮੱਦੇਨਜ਼ਰ, ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨਾਲ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਸਰਬ ਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਬ ਸੰਮਤੀ ਨਾਲ ਚੁਣੀ ਗਈ ਪਿੰਡ ਬਹਿਲੋਲਪੁਰ ਦੀ ਪੰਚਾਇਤ ਵੱਲੋਂ ਰਖਵਾਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਾ। ਲਖਬੀਰ ਸਿੰਘ ਰਾਏ ਨੇ ਨਵੀਂ ਚੁਣੀ ਪੰਚਾਇਤ ਦੇ ਮੈਂਬਰਾਂ ਨੂੰ ਕਿਹਾ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਾਰਟੀਬਾਜ਼ੀ ਅਤੇ ਗੁੱਟਬਾਜ਼ੀ ਤੋਂ ਉੱਪਰ ਉੱਠ ਕੇ ਮੁਹਈਆ ਕਰਵਾਇਆ ਜਾਵੇ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਵਿਕਾਸ ਕਾਰਜਾਂ ਉੱਤੇ ਇਹਨਾਂ ਪੰਚਾਇਤੀ ਚੋਣਾਂ ਵਿੱਚ ਲੋਕਾਂ ਵੱਲੋਂ ਮੋਹਰ ਲਾਈ ਗਈ ਹੈ। ਉਹਨਾਂ ਕਿਹਾ ਕਿ ਵਿਕਾਸ ਦੀ ਗਤੀ ਸੂਬੇ ਦੇ ਵਿੱਚ ਹੋਰ ਤੇਜ਼ ਕੀਤੀ ਜਾਵੇਗੀ ਅਤੇ ਸੂਬੇ ਨੂੰ ਦੇਸ਼ ਵਿੱਚੋਂ ਅੱਵਲ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਸਿਕੰਦਰ ਸਿੰਘ, ਪੰਚ ਰਣਵੀਰ ਸਿੰਘ, ਪੰਚ ਸੁਖਦੀਪ ਸਿੰਘ, ਪੰਚ ਸੁਰਿੰਦਰ ਕੌਰ, ਪੰਚ ਸੁਖਵਿੰਦਰ ਕੌਰ, ਪੰਚ ਜਗੀਰ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।