ਸ੍ਰੀ ਫ਼ਤਹਿਗੜ੍ਹ ਸਾਹਿਬ/19 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆ ਦੀ ਯਾਦ ਵਿੱਚ 21 ਅਕਤੂਬਰ ਨੂੰ ਪੁਲਿਸ ਲਾਈਨ ਮਹੱਦੀਆਂ ਵਿਖੇ ਪੁਲਿਸ ਸਮ੍ਰਿਤੀ ਦਿਵਸ ਮਨਾਇਆ ਜਾਵੇਗਾ। ਇਸ ਸਮਾਗਮ ਵਿੱਚ ਜ਼ਿਲਾ ਪੁਲਿਸ ਦੇ ਉਨਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਜਿਨਾਂ ਨੇ ਸੂਬੇ ਦੀ ਸੁਰੱਖਿਆ ਲਈ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਜਾਣਕਾਰੀ ਦਿੰਦਿਆਂ ਜਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ ਵੱਖ ਰਾਜਨੀਤਿਕ ਨਿਆਇਕ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਇਹਨਾਂ ਸ਼ਹੀਦਾਂ ਨੂੰ ਸੋਕ ਸਲਾਮੀ ਦਿੱਤੀ ਜਾਵੇਗੀ।ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਤੇ ਉਹਨਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ਤੇ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਸਮੇਂ ਫਤਿਹਗੜ੍ਹ ਸਾਹਿਬ ਜਿਲੇ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿੱਚ ਹਰੇਕ ਸਾਲ ਪੁਲਿਸ ਸਮ੍ਰਿਤੀ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਪੰਜਾਬ ਪੁਲਿਸ ਦੇ ਉਹਨਾਂ ਬਹਾਦਰ ਯੋਧਿਆਂ ਤੋ ਹੋਰਨਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਨਾ ਮਿਲ ਸਕੇ।ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਦਿਵਸ ਮੌਕੇ ਜ਼ਿਲ੍ਹੇ ਦੀ ਸਮੂਹ ਪੁਲਿਸ ਵੱਲੋਂ ਇਹ ਪ੍ਰਣ ਲਿਆ ਜਾਵੇਗਾ ਕਿ ਸ਼ਹੀਦ ਕਰਮਚਾਰੀਆ ਦੀਆਂ ਕੁਰਬਾਨੀਆਂ ਦੇ ਰਾਹ ਤੇ ਚੱਲਦੇ ਹੋਏ ਦੇਸ਼ ਦੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ