ਸ੍ਰੀ ਫ਼ਤਹਿਗੜ੍ਹ ਸਾਹਿਬ/ 22 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ਤੇ ਲਿਜਾਉਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਆਫ ਐਮੀਨੈਂਸ ਅਮਲੋਹ ਵਿਖੇ ਹੋਏ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਹਮੇਸ਼ਾਂ ਅਣਗੌਲਿਆਂ ਕੀਤਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਹਨ।ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜਾਉਣ ਨੂੰ ਪਹਿਲ ਦਿੰਦੇ ਸਨ ਪ੍ਰੰਤੂ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਕਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵੱਡਾ ਬਦਲਾਅ ਆਇਆ ਹੈ।ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਪੜਾਈ ਕਰਵਾਈ ਜਾ ਰਹੀ ਹੈ ਉਥੇ ਹੀ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਆਧੁਨਿਕ ਸਾਜੋ ਸਮਾਨ, ਸ਼ਾਨਦਾਰ ਖੇਡ ਮੈਦਾਨ, ਸਾਇੰਸ ਲੈਬ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਗਵਾਹ ਬਣਨਗੇ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈ ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਨਹੀਂ ਹੁੰਦੀ ਸੀ ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜਾਈ ਬਾਰੇ ਜਿਆਦਾ ਕੁਝ ਪਤਾ ਨਹੀਂ ਹੁੰਦਾ ਸੀ। ਪ੍ਰੰਤੂ ਹੁਣ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਆਪਣੇ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਣਗੇ। ਉਨ੍ਹਾਂ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ ਤੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ।ਇਸ ਮੌਕੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਗੁਲਸ਼ਨ ਛਾਬੜਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸੂਬਾ ਜੁਆਂਇੰਟ ਸਕੱਤਰ ਕਿਸ਼ੋਰ ਚੰਦ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਆਮ ਆਦਮੀ ਪਾਰਟੀ ਦੇ ਆਗੂ ਅਤੇ ਸਕੂਲ ਦੇ ਅਧਿਆਪਕ ਹਾਜਰ ਸਨ।