ਚੰਡੀਗੜ੍ਹ, 22 ਅਕਤੂਬਰ
ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ਪ੍ਰਤੀ ਅਣਗਹਿਲੀ ਅਤੇ ਵਿਰੋਧੀ ਨੀਤੀਆਂ ਲਈ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ।
ਆਪਣੇ ਹਾਲੀਆ ਬਿਆਨ ਵਿੱਚ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਗੁਦਾਮਾਂ ਵਿੱਚ ਸਟੋਰ ਕੀਤੇ ਵਾਧੂ ਅਨਾਜ ਨੂੰ ਲੈਕੇ ਚਿੰਤਤ ਹੈ। ਕੇਂਦਰੀ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਅਤੇ ਨਿੱਜੀ ਮੀਟਿੰਗਾਂ ਦੇ ਬਾਵਜੂਦ, ਭਾਜਪਾ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਸ ਅਣਗਹਿਲੀ ਨੇ ਕੇਂਦਰ ਸਰਕਾਰ ਦੀਆਂ ਬੇਅਸਰ ਨੀਤੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ।
ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਜਪਾ ਨੇ ਵਾਰ-ਵਾਰ ਉਨ੍ਹਾਂ ਦੇ ਹਿੱਤਾਂ ਦੇ ਖਿਲਾਫ ਫੈਸਲੇ ਲਾਗੂ ਕੀਤੇ ਹਨ। 'ਆਪ' ਆਗੂ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ 'ਤੇ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਬਦਲਾ ਲੈਣ ਦਾ ਦੋਸ਼ ਲਾਇਆ। ਅਰੋੜਾ ਨੇ ਟਿੱਪਣੀ ਕੀਤੀ, "ਪੰਜਾਬ ਦੇ ਕਿਸਾਨ ਬਿਹਤਰ ਦੇ ਹੱਕਦਾਰ ਹਨ। ਭਾਜਪਾ ਸਰਕਾਰ ਨੇ ਵਾਰ-ਵਾਰ ਕੀਤੀ ਗਈਆਂ ਸਾਡੀਆਂ ਬੇਨਤੀਆਂ ਵੱਲ ਅੱਖਾਂ ਬੰਦ ਕਰ ਦਿੱਤੀਆਂ ਹਨ। ਉਹ ਭੰਡਾਰ ਕੀਤੇ ਅਨਾਜ ਨੂੰ ਹਟਾਉਣ ਵਿੱਚ ਅਸਫਲ ਰਹੀ ਹੈ"।
ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹਾਂ। ਤੁਹਾਡਾ (ਕਿਸਾਨਾਂ ਦਾ) ਸੰਘਰਸ਼ ਸਾਡਾ ਸੰਘਰਸ਼ ਹੈ ਅਤੇ ਅਸੀਂ ਤੁਹਾਡੀਆਂ ਜ਼ਰੂਰਤਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।
ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸੰਬੋਧਿਤ ਕਰਦੇ ਹੋਏ ਅਰੋੜਾ ਨੇ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ 'ਆਪ' ਸਰਕਾਰ ਲਈ ਤੁਹਾਡੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤੁਹਾਡੇ ਹੱਕਾਂ ਦੀ ਰਾਖੀ ਲਈ ਆਪਣੀ ਪੂਰੀ ਤਾਕਤ ਨਾਲ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਤੁਹਾਡੇ ਨਾਲ ਸਹੀ ਵਿਵਹਾਰ ਕੀਤਾ ਜਾਵੇ।"
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਨੂੰ ਕਮਜ਼ੋਰ ਕਰਨ ਦੀਆਂ ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। "ਅਸੀਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਣੇ ਫਾਇਦੇ ਲਈ ਹਾਸ਼ੀਏ 'ਤੇ ਪਹੁੰਚਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਪਛਾਣਦੇ ਹਾਂ, ਉਹ ਖਾਸ ਤੌਰ 'ਤੇ ਆਪਣੇ ਪੂੰਜੀਵਾਦੀ ਦੋਸਤ ਅਡਾਨੀ ਨੂੰ ਫਾਇਦਾ ਪਹੁਚਾਉਣਾ ਚਾਹੁੰਦੇ ਹਨ। ਅਸੀਂ ਇਸਦੇ ਵਿਰੁੱਧ ਖੜੇ ਹੋਵਾਂਗੇ ਅਤੇ ਨਕਾਮ ਕਰਾਂਗੇ।"