ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਬਲਾਕ ਸਰਹਿੰਦ ਤੇ ਖੇੜਾ ਦੀਆਂ ਪੰਚਾਇਤਾਂ ਨਾਲ ਬੱਚਤ ਭਵਨ ਵਿਖੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਰਵਿੰਦ ਗੁਪਤਾ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਤੌਰ ਤੇ ਜਾਗਰੂਕਤਾ ਮੁਹਿੰਮ ਉਲੀਕੀ ਗਈ ਹੈ ਉਥੇ ਸਮੂਹ ਪੰਚਾਇਤਾਂ ਨੂੰ ਮਾਨਵਤਾ ਭਲਾਈ ਦੇ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਦੇਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ ਜੋ ਕਿ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੀ ਇੰਨ ਸੀਟੂ ਪ੍ਰਣਾਲੀ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ। ਇਸ ਪ੍ਰਣਾਲੀ ਤਹਿਤ ਹੈਪੀ ਸੀਡਰ, ਸੁਪਰ ਸੀਡਰ, ਰੋਟਾਵੇਟਰ ਤੇ ਕੰਬਾਇਨਾਂ ਪਿੱਛੇ ਐਸ.ਐਮ.ਐਸ. ਸਿਸਟਮ ਲਗਾ ਕੇ ਪਰਾਲੀ ਦੇ ਕੁਤਰੇ ਕਰਕੇ ਖੇਤਾਂ ਵਿੱਚ ਹੀ ਵਾਹਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀਆਂ ਗੰਢਾਂ ਬਣਾ ਕੇ ਵੀ ਰੱਖੀਆਂ ਜਾ ਸਕਦੀਆਂ ਹਨ ਜੋ ਕਿ ਪਰਾਲੀ ਦੀ ਵਰਤੋਂ ਵਾਲੇ ਉਦਯੋਗਾਂ ਨੂੰ ਦੇ ਕੇ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ 80 ਫੀਸਦੀ ਤੱਕ ਦੀ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਪੁਲਿਸ ਕੇਸ ਦਰਜ਼ ਕਰਵਾਏ ਜਾਣਗੇ। ਉਨ੍ਹਾਂ ਦੇ ਚਲਾਨ ਕੀਤੇ ਜਾਣਗੇ ਤੇ ਜ਼ਮੀਨ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜ਼ੋ ਪ੍ਰਸ਼ਾਸ਼ਨ ਨੂੰ ਕਿਸੇ ਕਿਸਮ ਦੀ ਸਖਤੀ ਨਾ ਵਰਤਣੀ ਪਵੇ।ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਤਕਨੀਕੀ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਵਿੱਚ ਸਹਿਯੋਗ ਦੇਣ ਲਈ ਕਿਹਾ।