ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਲਾ ਮਿਸਾਲ ਮਤ ਨਾਲ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸਮੁੱਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਹੁਣ ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੂੰ ਪੰਥਕ ਨਿਰਣੇ ਨੂੰ ਖਿੜੇ ਮੱਥੇ ਪ੍ਰਵਾਨ ਕਰ ਲੈਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਸਿੱਖਾਂ ਦੇ ਧਾਰਮਿਕ ਮਸਲਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਕਦੇ ਵੀ ਬਾਹਰੀ ਸ਼ਕਤੀਆਂ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ 28 ਅਕਤੂਬਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਨੇ ਵੀ ਆਪਣੇ ਸ਼ਾਨਮਤੇ ਇਤਿਹਾਸ ਉੱਤੇ ਮੋਹਰ ਲਗਾਈ ਹੈ। ਪ੍ਰੋਫੈਸਰ ਬਡੁੰਗਰ ਨੇ ਪੰਥ ਦੀ ਚੜਦੀਕਲਾ ਲਈ ਅਕਾਲੀ ਦਲ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਪੰਥਕ ਨਿਰਣੇ ਨੂੰ ਸਿਰ ਮੱਥੇ ਮੰਨਕੇ ਆਪਣੀ ਮਾਂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣ। ਪ੍ਰੋਫੈਸਰ ਬਡੁੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਆਏ ਨਤੀਜਿਆਂ ਤੋਂ ਬੁਖਲਾਹਟ ਵਿਚ ਆ ਕੇ ਦਿੱਤੇ ਬਿਆਨ ਨੂੰ ਵੀ ਮੰਦਭਾਗਾ ਦੱਸਦਿਆਂ ਕਿਹਾ ਕਿ ਇਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਵੱਲੋਂ ਹੀ ਤੁਹਾਨੂੰ ਵਾਰ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ ਤੇ ਹੁਣ ਤੁਹਾਨੂੰ ਵੀ ਪੰਥਕ ਨਿਰਣੇ ਨੂੰ ਸਵੀਕਾਰ ਕਰਦਿਆਂ ਅਜਿਹੇ ਮੰਦਭਾਗੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।