ਸ੍ਰੀ ਫ਼ਤਹਿਗੜ੍ਹ ਸਾਹਿਬ/4 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਇਥੇ "ਪੰਜਾਬ ਰਾਜ ਤੰਬਾਕੂ ਰਹਿਤ ਦਿਵਸ" ਮਨਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ 'ਪੰਜਾਬ ਰਾਜ ਤੰਬਾਕੂ ਰਹਿਤ ਦਿਵਸ' ਮਨਾਉਣ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਤੰਬਾਕੂਨੋਸ਼ੀ ਕਰਨ ਨਾਲ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੀ ਨਹੀਂ ਬਲਕਿ ਤੰਬਾਕੂਨੋਸ਼ੀ ਨਾਲ ਹੋਣ ਵਾਲੇ ਸਮਾਜਿਕ, ਵਾਤਾਵਰਨਿਕ ਅਤੇ ਆਰਥਿਕ ਨੁਕਸਾਨਾ ਤੋਂ ਸੁਚੇਤ ਕਰਨਾ ਵੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਰੂਪ ਵਿੱਚ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਟੀਬੀ,ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ ਜੋ ਦਰਦਨਾਕ ਮੌਤ ਦਾ ਇੱਕ ਵੱਡਾ ਕਾਰਨ ਬਣਦੀਆਂ ਹਨ, ਇਸ ਲਈ ਸਾਨੂੰ ਇਸ ਬੁਰਾਈ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਇਸ ਦੇ ਮਾੜੇ ਪ੍ਰਭਾਵਾਂ ਨੂੰ ਸਮਝਣ ਦੀ ਲੋੜ ਹੈ। ਉਹਨਾਂ ਕਿਹਾ ਕਿ ਤੰਬਾਕੂ ਵਿੱਚ ਬਹੁਤ ਸਾਰੇ ਹਾਨੀਕਾਰਕ ਤੱਤ ਹੁੰਦੇ ਹਨ ਜੋ ਸਰੀਰ ਦੇ ਹਰ ਅੰਗ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਘਟਦੀ ਹੈ ਤੇ ਸਕਰਮਨ ਦਾ ਖਤਰਾ ਵਧ ਜਾਂਦਾ ਹੈ, ਇਸ ਕਰਕੇ ਜਿੰਦਗੀ ਵਿੱਚ ਕਦੀ ਵੀ ਤੰਬਾਕੂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਤੰਬਾਕੂ ਸੇਵਨ ਵਾਲਾ ਵਿਅਕਤੀ ਆਪਣੀ ਦ੍ਰਿੜ ਇੱਛਾ ਸ਼ਕਤੀ ਤੇ ਸੰਕਲਪ ਨਾਲ ਇਸ ਮਾੜੀ ਆਦਤ ਤੋਂ ਛੁਟਕਾਰਾ ਪਾ ਸਕਦਾ ਹੈ। ਉਹਨਾਂ ਕਿਹਾ ਕਿ ਤੰਬਾਕੂ ਖਾਣ ਵਾਲੇ ਵਿਅਕਤੀ ਦੀ ਇਸ ਮਾੜੀ ਆਦਤ ਨੂੰ ਛੁਡਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ।ਉਹਨਾਂ ਇਹ ਵੀ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਤੰਬਾਕੂ ਛੱਡਣ ਲਈ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ,ਲੋੜ ਪੈਣ ਤੇ ਸਾਨੂੰ ਇਹਨਾਂ ਸੇਵਾਵਾਂ ਦਾ ਫਾਇਦਾ ਉਠਾਉਣਾ ਚਾਹੀਦਾ ਹੈ । ਉਨਾਂ ਇਸ ਮੌਕੇ ਤੇ ਤੰਬਾਕੂ ਕੰਟਰੋਲ ਐਕਟ 2003 ਬਾਰੇ ਵੀ ਵਿਸਥਾਰ ਸਹਿਤ ਜਾਣੂ ਕਰਵਾਉਂਦੇ ਹੋਏ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ਦੀ ਮਨਾਹੀ ਹੈ ਅਤੇ ਜਨਤਕ ਥਾਵਾਂ ਤੇ ਸੇਵਨ ਕਰਨ ਤੇ ਵੀ ਰੋਕ ਹੈ। ਉਹਨਾਂ ਲੋਕਾਂ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਨਾ ਕਰਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਜਾਗਰੂਕ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਟੈਨੋ ਬਲਜੀਤ ਕੌਰ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ, ਅਨਿਲ ਭਾਰਦਵਾਜ, ਮਾਨਵ ਸ਼ਾਹ ,ਬਬਲੀ ਆਦਿ ਹਾਜ਼ਰ ਸਨ।